ਬਟਾਲਾ, 18 ਜੁਲਾਈ (ਸਤਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਹਾਈਕਮਾਂਡ ਵਲੋਂ ਜਸਕਰਨ ਸਿੰਘ ਕਾਹਲੋਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਸ: ਕਾਹਲੋਂ ਨੂੰ 2 ਵਿਧਾਨ ਸਭ ਹਲਕਿਆਂ ਦਾ ਅਬਜ਼ਰਵਰ ਬਣਾਇਆ ਗਿਆ ਹੈ | ਹਾਈਕਮਾਂਡ ਨੇ ਜਸਕਰਨ ਸਿੰਘ ਕਾਹਲੋਂ ਦੀ ਕਾਂਗਰਸ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨੂੰ ਦੇਖਦੇ ਹੋਏ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ | ਜ਼ਿਕਰਯੋਗ ਹੈ ਕਿ ਸ: ਕਾਹਲੋਂ ਬਟਾਲਾ ਵਿਧਾਨ ਸਭਾ ਹਲਕੇ ਵਿਚ ਪੰਜਾਬ ਦੇ ਬੁਲਾਰੇ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਇਸ ਨਿਯੁਕਤੀ ਉਪਰੰਤ ਜਸਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਖ਼ਾਸਕਰ ਤਰਨਤਾਰਨ ਹਲਕੇ ਵਿਚ ਜਿਥੇ ਕੁਝ ਸਮੇਂ ਬਾਅਦ ਜ਼ਿਮਨੀ ਚੋਣ ਹੋਣ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ਲਈ ਪਾਰਟੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ | ਜਲਦ ਹੀ ਜਥੇਬੰਦਕ ਢਾਂਚੇ ਨੂੰ ਯੋਜਨਾਬੱਧ ਢੰਗ ਨਾਲ ਲਾਮਬੰਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਅਨੁਸਾਰ ਦੋਵਾਂ ਹਲਕਿਆਂ ਵਿਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਅੱਗੇ ਵਧੇਗੀ | ਇਸ ਮੌਕੇ ਸ: ਕਾਹਲੋਂ ਨੇ ਦਾਅਵਾ ਕੀਤਾ ਕਿ 2027 ਵਿਚ ਕਾਂਗਰਸ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ |