ਬਟਾਲਾ, 18 ਜੁਲਾਈ (ਸਤਿੰਦਰ ਸਿੰਘ)-ਅੱਜ ਬਟਾਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਪ੍ਰਧਾਨਗੀ ਹੇਠ ਇਕ ਅਹਿਮ ਬੈਠਕ ਹੋਈ, ਜਿਸ ਵਿਚ ਭਾਜਪਾ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਜੈਇੰਦਰ ਕੌਰ ਦਾ ਬਟਾਲਾ ਪਹੁੰਚਣ 'ਤੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਵਲੋਂ ਜ਼ਿਲ੍ਹਾ ਟੀਮ ਨਾਲ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਰਾਧਾ ਰਾਣੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜੈਇੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਪੰਜਾਬ ਅੰਦਰ ਲਗਾਤਾਰ ਅਪਰਾਧਿਕ ਘਟਨਾਵਾਂ ਵਧ ਰਹੀਆਂ ਹਨ | ਆਮ ਲੋਕਾਂ ਦਾ ਜਿਊਣਾ ਵੀ ਦੁਬਰ ਹੋ ਗਿਆ ਹੈ | ਸਮਾਜ ਵਿਰੋਧੀ ਅਨਸਰ ਦਿਨ-ਦਿਹਾੜੇ ਲੋਕਾਂ ਦੀਆਂ ਹੱਤਿਆਵਾਂ ਕਰ ਰਹੇ ਹਨ, ਸਰਕਾਰ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਇਕ ਪਾਸੇ ਤਾਂ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ, ਦੂਜੇ ਪਾਸੇ ਕਿਸਾਨ ਵਿਰੋਧੀ ਕਾਨੂੰਨ ਲੈਂਡ ਪੂਲਿੰਗ ਨੀਤੀ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਸਾਜਿਸ਼ ਕਰ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਹੀਰਾ ਵਾਲੀਆ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਚੁੱਕੀ ਹੈ | ਇਸ ਮੌਕੇ ਅੰਬਿਕਾ ਖੰਨਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਦਾਅਵਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ | ਇਸ ਮੌਕੇ ਰਾਧਿਕਾ ਭੰਡਾਰੀ, ਕੁਸਮ ਸ਼ਰਮਾ, ਰੇਖਾ ਡਡਵਾਲ, ਸੋਨੀਆ ਸ਼ਰਮਾ, ਪੂਨਮ ਕਾਂਸਰਾ, ਨਸੀਬ ਕੌਰ, ਸੁਦੇਸ਼ ਸ਼ਰਮਾ, ਸ਼ਕੁੰਤਲਾ, ਸ਼ੀਤਲ, ਰਜਵੰਤ ਕੌਰ, ਰਾਜ ਰਾਣੀ, ਸਰੋਜ ਆਦਿ ਹਾਜ਼ਰ ਸਨ |