ਗੁਰਦਾਸਪੁਰ, 19 ਜੁਲਾਈ (ਗੁਰਪ੍ਰਤਾਪ ਸਿੰਘ)-ਕਾਂਗਰਸ ਪਾਰਟੀ ਦੇ ਵਰਕਰਾਂ ਨੇ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਕਾਂਗਰਸ ਪਾਰਟੀ ਵਲੋਂ ਮੁਕੇਰੀਆਂ ਅਤੇ ਦਸੂਹੇ ਹਲਕੇ ਦਾ ਨਿਗਰਾਨ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਪਾਹੜਾ ਨੂੰ ਉਕਤ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ | ਜਾਣਕਾਰੀ ਦਿੰਦੇ ਹੋਏ ਪਿੰਡ ਲੱਖੋਵਾਲ ਦੇ ਸਾਬਕਾ ਸਰਪੰਚ ਮਹਿੰਦਰ ਸਿੰਘ, ਮਿਲਕ ਪਲਾਂਟ ਗੁਰਦਾਸਪੁਰ ਦੇ ਡਾਇਰੈਕਟਰ ਕੁਲਬੀਰ ਸਿੰਘ ਗੋਲਡੀ ਭੰੁਬਲੀ, ਪਿੰਡ ਭੱੁਕਰਾ ਦੇ ਸਾਬਕਾ ਸਰਪੰਚ ਕਾਬਲ ਸਿੰਘ ਗੋਲਡੀ, ਪਿੰਡ ਗਿੱਦੜਪਿੰਡੀ ਤੋਂ ਰਾਜਿੰਦਰ ਸਿੰਘ ਸੋਢੀ ਅਤੇ ਡਾ: ਦਰਸ਼ਨ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਨੇ ਐਡਵੋਕੇਟ ਪਾਹੜਾ ਨੂੰ ਨਵੀਂ ਜ਼ਿੰਮੇਵਾਰੀ ਦੇ ਕੇ ਚੰਗਾ ਫ਼ੈਸਲਾ ਲਿਆ ਹੈ | ਇਸ ਨਿਯੁਕਤੀ 'ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਇਸ ਫੈਸਲੇ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਪਾਹੜਾ ਪਾਰਟੀ ਵਿਚ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਇਮਾਨਦਾਰੀ ਨੂੰ ਦੇਖਦੇ ਹੋਏ ਪਾਰਟੀ ਨੇ ਉਨ੍ਹਾਂ ਨੂੰ ਉਪਰੋਕਤ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕਲੌਤੀ ਪਾਰਟੀ ਹੈ ਜੋ ਆਪਣੇ ਮਿਹਨਤੀ ਵਰਕਰਾਂ ਨੂੰ ਬਣਦਾ ਸਤਿਕਾਰ ਦਿੰਦੀ ਹੈ | ਜਦੋਂ ਕਿ ਵਿਰੋਧੀ ਪਾਰਟੀਆਂ ਆਪਣੇ ਵਰਕਰਾਂ ਨੂੰ ਵਰਤਣ ਤੋਂ ਬਾਅਦ ਛੱਡ ਦਿੰਦੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |