ਗੁਰਦਾਸਪੁਰ, 20 ਜੁਲਾਈ (ਗੁਰਪ੍ਰਤਾਪ ਸਿੰਘ)-ਬੀਤੇ ਦਿਨੀਂ ਗੁਰਦਾਸਪੁਰ ਸ਼ਹਿਰ ਦੇ ਬਾਟਾ ਚੌਕ 'ਚ ਸਥਿਤ ਪੰਜਾਬ ਵਾਚ ਸ਼ੋਅਰੂਮ 'ਤੇ ਗੋਲੀ ਚੱਲਣ ਦੀ ਘਟਨਾ ਵਾਪਰੀ ਸੀ | ਹਾਲਾਂਕਿ ਇਸ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਘਟਨਾ ਨੇ ਦੁਕਾਨਦਾਰਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ | ਇਸ ਘਟਨਾ ਦਾ ਜਾਇਜ਼ਾ ਲੈਣ ਲਈ ਅੱਜ ਗੁਰਦਾਸਪੁਰ ਹਲਕੇ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪੀੜਤ ਦੁਕਾਨਦਾਰ ਕੋਲ ਪਹੁੰਚੇ, ਜਿਨ੍ਹਾਂ ਨੇ ਘਟਨਾ ਨਾਲ ਸਬੰਧਿਤ ਜਾਣਕਾਰੀ ਪ੍ਰਾਪਤ ਕੀਤੀ | ਵਿਧਾਇਕ ਪਾਹੜਾ ਨੇ ਕਿਹਾ ਕਿ ਅਪਰਾਧੀ ਬਹੁਤ ਆਰਾਮ ਨਾਲ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਭੱਜ ਗਏ | ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਹੁਣ ਤੱਕ ਪੁਲਿਸ ਉਨ੍ਹਾਂ ਬਾਰੇ ਕੋਈ ਸੁਰਾਗ ਨਹੀਂ ਲੱਭ ਸਕੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਅਸਫਲ ਸਾਬਤ ਹੋ ਰਹੀ ਹੈ | ਅਜਿਹੀਆਂ ਘਟਨਾਵਾਂ ਹਰ ਰੋਜ਼ ਕਿਸੇ ਨਾ ਕਿਸੇ ਥਾਂ 'ਤੇ ਸਾਹਮਣੇ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਪੰਜਾਬ ਵਿਚ ਸਥਿਤੀ ਲਗਾਤਾਰ ਵਿਗੜ ਰਹੀ ਹੈ | ਉਨ੍ਹਾਂ ਕਿਹਾ ਕਿ ਲੁੱਟ-ਖਸੁੱਟ, ਚੋਰੀ, ਡਕੈਤੀ, ਗੈਂਗਵਾਰ, ਗੋਲੀਬਾਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਹੋ ਰਹੀ ਹੈ | ਪਹਿਲਾਂ ਅਜਿਹੀਆਂ ਘਟਨਾਵਾਂ ਰਾਤ ਨੂੰ ਦੇਖਣ ਨੂੰ ਮਿਲਦੀਆਂ ਸਨ, ਪਰ ਹੁਣ ਡਰ ਦੀ ਘਾਟ ਕਾਰਨ ਅਪਰਾਧੀ ਦਿਨ ਵੇਲੇ ਵੀ ਆਸਾਨੀ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਹੁਣ ਲੋਕ ਦਿਨ ਵੇਲੇ ਵੀ ਸੁਰੱਖਿਅਤ ਨਹੀਂ ਹਨ | ਅਜਿਹੀਆਂ ਘਟਨਾਵਾਂ ਕਾਰਨ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ 'ਤੇ ਸਵਾਲ ਖੜ੍ਹੇ ਹੋ ਰਹੇ ਹਨ | ਸਰਕਾਰ ਦੀ ਲਾਪ੍ਰਵਾਹੀ ਕਾਰਨ ਪੰਜਾਬ ਦੀ ਸ਼ਾਂਤੀ ਭੰਗ ਹੋ ਰਹੀ ਹੈ | ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ | ਸਰਕਾਰ ਨੂੰ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਇਸ ਦੁੱਖਦਾਈ ਘਟਨਾ ਦੇ ਸਮੇਂ ਉਹ ਪੀੜਤ ਦੁਕਾਨਦਾਰ ਦੇ ਨਾਲ ਖੜ੍ਹੇ ਹਨ |