ਗੁਰਦਾਸਪੁਰ, 20 ਜੁਲਾਈ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੁੜ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਹਲਕਾ ਗੁਰਦਾਸਪੁਰ ਦੇ ਪਿੰਡਾਂ 'ਚ ਵੱਡਾ ਹੁੰਗਾਰਾ ਮਿਲ ਰਿਹਾ ਹੈ | ਬੀਤੀ ਸ਼ਾਮ ਹਲਕਾ ਗੁਰਦਾਸਪੁਰ ਦੇ ਪਿੰਡਾਂ ਮੁਕੰਦਪੁਰ, ਹਰਦਾਨ ਤੇ ਲੋਲੇ੍ਹ ਨੰਗਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਮਾਰਕੀਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਹਨੀ ਬਹਿਲ ਅਤੇ ਸੁੱਚਾ ਸਿੰਘ ਮੁਲਤਾਨੀ ਵਲੋਂ ਕੀਤੀ ਗਈ | ਪਿੰਡ ਮੁਕੰਦਪੁਰ, ਹਰਦਾਨ ਤੇ ਲੋਲੇ੍ਹ ਨੰਗਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਰੌਸ਼ਨ ਭਵਿੱਖ ਵੱਲ ਲਿਜਾਣਾ ਹੈ | ਇਸ ਮੌਕੇ ਇਲਾਕੇ ਦੇ ਵਸਨੀਕਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ | ਪਿੰਡ ਵਾਸੀਆਂ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਨਹੀਂ ਦੇਣਗੇ ਅਤੇ ਅਜਿਹੇ ਅਨਸਰਾਂ ਦਾ ਮੁਕੰਮਲ ਬਾਈਕਾਟ ਕਰਨਗੇ |