ਗੁਰਦਾਸਪੁਰ, 20 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਆਮ ਜਨਤਾ ਨੰੂ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ 'ਚ ਆਪਣਾ ਵੱਡਾ ਯੋਗਦਾਨ ਪਾਉਣ ਤਾਂ ਜੋ ਪੰਜਾਬ ਨੰੂ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ | ਉਨ੍ਹਾਂ ਗੁਰਦਾਸਪੁਰ ਹਲਕੇ ਦੇ ਪਿੰਡ ਮਾੜੇ, ਨਵਾਂ ਪਿੰਡ ਸਰਦਾਰਾਂ, ਬਖ਼ਤਪੁਰ ਅਤੇ ਮਹਾਂਦੇਵ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਹੋਈਆਂ ਜਾਗਰੂਕਤਾ ਸਭਾਵਾਂ ਨੰੂ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਾ ਖ਼ਤਮ ਕਰਨ ਲਈ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਲੋਕਾਂ ਨੰੂ ਨਸ਼ਿਆਂ ਵਿਰੁੱਧ ਲਾਮਬੱਧ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ | ਜਿਸ ਨਾਲ ਨਸ਼ਾ ਮੁਕਤ ਯਾਤਰਾ ਤਹਿਤ ਪਿੰਡ-ਪਿੰਡ ਅਤੇ ਸ਼ਹਿਰ ਦੇ ਵਾਰਡਾਂ ਵਿਚ ਜਾ ਕੇ ਨੌਜਵਾਨਾਂ ਨੰੂ ਨਸ਼ਿਆਂ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ | ਜਿਹੜੇ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸੇ ਹਨ, ਉਨ੍ਹਾਂ ਨਸ਼ਾ ਮੁਕਤ ਕਰਨ ਲਈ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ | ਚੇਅਰਮੈਨ ਬਹਿਲ ਨੇ ਜਾਗਰੂਕਤਾ ਸਭਾਵਾਂ ਦੌਰਾਨ ਹਾਜ਼ਰ ਲੋਕਾਂ ਨੰੂ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਕੋਆਰਡੀਨੇਟਰ ਨੀਰਜ ਸਲਹੋਤਰਾ, ਰਾਕੇਸ਼ ਸ਼ਰਮਾ, ਦਵਿੰਦਰ ਸਿੰਘ ਹੈਪੀ, ਸਰਪੰਚ ਗੁਰਸਿਮਰਨਜੀਤ ਕੌਰ, ਸਰਪੰਚ ਕਮਲਜੀਤ ਸਿੰਘ, ਸਰਪੰਚ ਕਸ਼ਮੀਰ ਸਿੰਘ, ਸਰਪੰਚ ਹਰਜਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ |