ਗੁਰਦਾਸਪੁਰ, 21 ਜੁਲਾਈ (ਗੁਰਪ੍ਰਤਾਪ ਸਿੰਘ)-ਬੀਤੇ ਲੰਮੇ ਸਮੇਂ ਤੋਂ ਸ਼ਹਿਰ ਦੇ ਵਾਰਡ ਨੰਬਰ 27 ਦੀ ਬਾਬਾ ਫ਼ਰੀਦ ਐਵੇਨਿਊ ਕਲੋਨੀ ਦੇ ਨਾਗਰਿਕ ਪਾਣੀ ਦੀ ਸਪਲਾਈ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਸਨ | ਲੋਕਾਂ ਵਲੋਂ ਇਹ ਮੁੱਦਾ ਵਾਰਡ ਕੌਂਸਲਰ ਜਸਬੀਰ ਕੌਰ ਦੇ ਸਾਹਮਣੇ ਉਠਾਇਆ ਗਿਆ ਸੀ | ਕੌਂਸਲਰ ਨੇ ਤੁਰੰਤ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਅਤੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਸੂਚਿਤ ਕੀਤਾ | ਕੌਂਸਲਰ ਜਸਬੀਰ ਕੌਰ ਵਲੋਂ ਸੂਚਿਤ ਕੀਤੇ ਜਾਣ ਤੋਂ ਬਾਅਦ ਅੱਜ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੌਕੇ ਦਾ ਨਿਰੀਖਣ ਕੀਤਾ ਅਤੇ ਵਾਰਡ ਵਿਚ ਨਵੀਂ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ | ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਕਲੋਨੀ ਵਿਚ ਪਾਣੀ ਸਪਲਾਈ ਦੀਆਂ ਪਾਈਪਾਂ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਕੌਂਸਲਰ ਨੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਬਾਅਦ ਇਸ ਕਲੋਨੀ ਵਿਚ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਕੰਮ ਜਲਦੀ ਪੂਰਾ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸਮੱਸਿਆ ਤੋਂ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਿਆਰ ਹੈ | ਇਲਾਕਾ ਨਿਵਾਸੀਆਂ ਨੇ ਕੌਂਸਲਰ ਜਸਬੀਰ ਕੌਰ ਅਤੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਸਮੱਸਿਆ ਉਠਾਉਣ ਤੋਂ ਬਾਅਦ ਤੁਰੰਤ ਕਾਰਵਾਈ ਇਕ ਸਕਾਰਾਤਮਕ ਕਦਮ ਹੈ ਅਤੇ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲੇਗੀ |