27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਾਰੇ ਪ੍ਰਾਈਵੇਟ ਸਕੂਲਾਂ ਲਈ 25 ਫ਼ੀਸਦੀ ਗ਼ਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣਾ ਲਾਜ਼ਮੀ-ਡੀ.ਈ.ਓ.

ਅਜੀਤ ਡੈਸਕ 22-07-2025
ਪਠਾਨਕੋਟ, 21 ਜੁਲਾਈ (ਵਿਨੋਦ)-ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਹੀ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਹਨ ਕਿ ਰਾਈਟ ਟੂ ਐਜੂਕੇਸ਼ਨ ਐਕਟ ਤਹਿਤ ਪ੍ਰਾਈਵੇਟ ਸਕੂਲਾਂ ਵਿਚ 25 ਫੀਸਦੀ ਗ਼ਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣੀ ਲਾਜ਼ਮੀ ਹੈ | ਜਿਸ ਤਹਿਤ ਪਹਿਲੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਇਹ ਐਕਟ ਲਾਗੂ ਹੁੰਦਾ ਹੈ | ਪਰ ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰ ਦੇ ਨਿਰਦੇਸ਼ਾਂ ਨੂੰ ਠੇਂਗਾ ਦਿਖਾਉਂਦੇ ਹੋਏ ਪ੍ਰਾਈਵੇਟ ਸਕੂਲ ਇਸ ਰਾਈਟ ਟੂ ਐਜੂਕੇਸ਼ਨ ਐਕਟ ਨੂੰ ਆਪਣੇ ਸਕੂਲਾਂ ਵਿਚ ਲਾਗੂ ਨਹੀਂ ਕਰ ਰਹੇ ਹਨ | ਜਿਸ ਦੇ ਚੱਲਦੇ ਪ੍ਰਾਈਵੇਟ ਸਕੂਲਾਂ ਵਿਚ ਗ਼ਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਨਹੀਂ ਮਿਲ ਪਾ ਰਹੀ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਠਾਨਕੋਟ ਵਿਚ ਲਗਪਗ 222 ਸਕੂਲ ਪ੍ਰਾਈਵੇਟ ਆਉਂਦੇ ਹਨ, ਰਾਈਟ ਟੂ ਐਜੂਕੇਸ਼ਨ ਐਕਟ ਤਹਿਤ ਇਨ੍ਹਾਂ ਸਾਰੇ ਸਕੂਲਾਂ ਵਿਚ 25 ਫੀਸਦੀ ਗ਼ਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਮਿਲਣੀ ਚਾਹੀਦੀ ਹੈ | ਪਰ ਸਰਕਾਰ ਅਤੇ ਪ੍ਰਸ਼ਾਸਨ ਦੀ ਢਿੱਲੀ ਕਾਰਜ ਪ੍ਰਣਾਲੀ ਦੇ ਚੱਲਦੇ ਇਹ ਐਕਟ ਇੰਪਲੀਮੈਂਟ ਨਹੀਂ ਹੋ ਸਕਿਆ ਹੈ | ਜਿਸ ਦੇ ਚੱਲਦੇ ਗ਼ਰੀਬ ਬੱਚੇ ਮਾਤਰ ਸਰਕਾਰੀ ਸਕੂਲਾਂ ਵਿਚ ਹੀ ਪੜ੍ਹ ਰਹੇ ਹਨ | ਇਸ ਸਬੰਧ ਵਿਚ ਜਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਕਮਲਦੀਪ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਦੇ 222 ਸਕੂਲਾਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਰਾਈਟ ਟੂ ਐਜੂਕੇਸ਼ਨ ਐਕਟ ਤਹਿਤ ਆਪਣੇ ਸਕੂਲਾਂ ਵਿਚ 25 ਫੀਸਦੀ ਗ਼ਰੀਬ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ, ਉਨ੍ਹਾਂ ਕਿਹਾ ਕਿ ਸਾਰੇ ਹੀ ਪ੍ਰਾਈਵੇਟ ਸਕੂਲ ਰਾਈਟ ਟੂ ਐਜੂਕੇਸ਼ਨ ਐਕਟ ਦੇ ਦਾਇਰੇ ਵਿਚ ਆਉਂਦੇ ਹਨ | ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਈਵੇਟ ਸਕੂਲ ਰਾਈਟ ਟੂ ਐਜੂਕੇਸ਼ਨ ਐਕਟ ਦੇ ਨਿਰਦੇਸ਼ਾਂ ਦੀ ਪਾਲਨਾ ਨਹੀਂ ਕਰਨਗੇ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ | ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਰਾਈਟ ਟੂ ਐਜੂਕੇਸ਼ਨ ਐਕਟ ਤਾਂ ਲਾਗੂ ਕਰ ਦਿੱਤਾ ਗਿਆ, ਪਰ ਸਿੱਖਿਆ ਵਿਭਾਗ ਵਲੋਂ ਇਸ ਨੂੰ ਪ੍ਰਾਈਵੇਟ ਸਕੂਲਾਂ ਵਿਚ ਇੰਪਲੀਮੈਂਟ ਕਰਵਾਉਣ ਵਿਚ ਦਿਲਚਸਪੀ ਨਹੀਂ ਦਿਖਾਈ ਗਈ, ਜਿਸ ਕਾਰਨ ਪ੍ਰਾਈਵੇਟ ਸਕੂਲ ਵਾਲੇ ਰਾਈਟ ਟੂ ਐਜੂਕੇਸ਼ਨ ਐਕਟ ਤਹਿਤ 25 ਫੀਸਦੀ ਗ਼ਰੀਬ ਬੱਚਿਆਂ ਨੂੰ ਦਾਖਲ ਨਹੀਂ ਕਰ ਰਹੇ ਹਨ | ਲੋਕਾਂ ਵਲੋਂ ਸਿੱਖਿਆ ਵਿਭਾਗ ਅਤੇ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਰਾਈਟ ਟੂ ਐਜੂਕੇਸ਼ਨ ਐਕਟ ਨੂੰ ਪ੍ਰਾਈਵੇਟ ਸਕੂਲਾਂ ਵਿਚ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਨਰੇਸ਼ ਪੁਰੀ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵਲੋਂ ਰਾਈਟ ਟੂ ਐਜੂਕੇਸ਼ਨ ਦੀ ਸੁਵਿਧਾ ਦਿੱਤੀ ਗਈ ਹੈ ਤਾਂ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਨੂੰ ਇੰਪਲੀਮੈਂਟ ਕਰੇ ਅਤੇ ਗ਼ਰੀਬ ਬੱਚਿਆਂ ਨੂੰ ਇਸ ਦਾ ਲਾਭ ਮਿਲ ਸਕੇ |
ਉਨ੍ਹਾਂ ਸਿੱਖਿਆ ਵਿਭਾਗ ਤੋਂ ਵੀ ਮੰਗ ਕੀਤੀ ਹੈ ਕਿ ਇਸ ਨੂੰ ਇੰਪਲੀਮੈਂਟ ਕਰਵਾਉਣ ਵਿਚ ਢੁੱਕਵੇਂ ਕਦਮ ਚੁੱਕੇ ਜਾਣ, ਭਾਜਪਾ ਦੇ ਸੀਨੀਅਰ ਨੇਤਾ ਰਾਜ ਕੁਮਾਰ ਗੁਪਤਾ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਰਾਈਟ ਟੂ ਐਜੂਕੇਸ਼ਨ ਐਕਟ ਗ਼ਰੀਬ ਬੱਚਿਆਂ ਲਈ ਵਰਦਾਨ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਰਾਈਟ ਟੂ ਐਜੂਕੇਸ਼ਨ ਐਕਟ ਨੂੰ ਪ੍ਰਾਈਵੇਟ ਸਕੂਲਾਂ ਵਿਚ ਜਲਦੀ ਤੋਂ ਜਲਦੀ ਇੰਪਲੀਮੈਂਟ ਕਰਵਾਇਆ ਜਾਵੇ, ਤਾਂ ਜੋ ਗ਼ਰੀਬ ਬੱਚੇ ਇਸ ਦਾ ਲਾਭ ਉਠਾ ਪਾਉਣ |
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਬਾਵਾ ਲਾਲ ਸਕੂਲ ਧਿਆਨਪੁਰ 'ਚ ਪਿ੍ੰ. ਹਿਤੇਸ਼ ਕੁਮਾਰ ਦੀ ਅਗਵਾਈ 'ਚ ਕਿਤਾਬਾਂ ਵੰਡੀਆਂ ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 111ਵੇਂ ਦਿਨ 'ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।