ਗੁਰਦਾਸਪੁਰ, 31 ਅਗਸਤ (ਚੱਕਰਾਜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜ ਦਿਨ-ਰਾਤ ਜਾਰੀ ਹਨ | ਰਾਵੀ ਦਰਿਆ ਦੇ ਹੜ੍ਹ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 324 ਪਿੰਡਾਂ ਦੇ 145000 ਦੇ ਕਰੀਬ ਵਿਅਕਤੀ ਪ੍ਰਭਾਵਿਤ ਹੋਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਬੀਤੀ ਸ਼ਾਮ ਤੱਕ 5500 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ 25 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ | ਜਿਨ੍ਹਾਂ ਵਿਚੋਂ 15 ਐਕਟਿਵ ਹਨ | ਇਨ੍ਹਾਂ ਕੈਂਪਾਂ ਵਿਚ ਖਾਣੇ ਤੋਂ ਇਲਾਵਾ ਸੌਣ ਲਈ ਗੱਦੇ, ਸੁੱਕਾ ਰਾਸ਼ਨ, ਬਿਸਕੁਟ ਅਤੇ ਛੋਟੇ ਬੱਚਿਆਂ ਦੇ ਲਈ ਦੁੱਧ ਤੋਂ ਇਲਾਵਾ ਮੁੱਢਲੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਐਂਬੂਲੈਂਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਨਾਲ ਹੀ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਐਨ.ਡੀ.ਆਰ.ਐੱਫ. ਦੀਆਂ 6 ਟੀਮਾਂ, ਭਾਰਤੀ ਫ਼ੌਜ ਦੀਆਂ 3 ਟੀਮਾਂ ਅਤੇ ਬੀ.ਐਸ.ਐਫ. ਦੀ ਇਕ ਟੀਮ ਰਾਹਤ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੀਆਂ ਹਨ | ਇਨ੍ਹਾਂ ਟੀਮਾਂ ਵਲੋਂ ਕਿਸ਼ਤੀਆਂ ਅਤੇ ਹੋਰ ਸਾਧਨਾਂ ਰਾਹੀਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਫਸੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਟਿਕਾਣਿਆਂ 'ਤੇ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 5000 ਤੋਂ ਵੱਧ ਰਾਹਤ ਸਮਗਰੀ ਦੀਆਂ ਕਿੱਟਾਂ ਹੜ੍ਹ ਪ੍ਰਭਾਵਿਤ ਵਿਅਕਤੀਆਂ ਤੱਕ ਪਹੁੰਚਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਪਸ਼ੂ ਪਾਲਨ ਵਿਭਾਗ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ਵਿਚ 300 ਦੇ ਕਰੀਬ ਪਸ਼ੂਆਂ ਦੀ ਹੜ੍ਹਾਂ ਕਾਰਨ ਮੌਤ ਹੋਈ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਸ਼ੂਆਂ ਨੂੰ ਚਾਰਾ ਦਿੱਤਾ ਜਾ ਰਿਹਾ ਹੈ ਅਤੇ ਨਾਲ ਹੀ ਵੈਟਰਨਰੀ ਡਾਕਟਰਾਂ ਵਲੋਂ ਪਸ਼ੂਆਂ ਦਾ ਇਲਾਜ ਵੀ ਕੀਤਾ ਜਾ ਰਿਹਾ ਹੈ | ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਲਕੁਲ ਨਾ ਘਬਰਾਉਣ, ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 01874-266376 'ਤੇ ਸੰਪਰਕ ਕੀਤਾ ਜਾ ਸਕਦਾ ਹੈ |