ਧਾਰੀਵਾਲ, 5 ਨਵੰਬਰ (ਸਵਰਨ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਨਾਮ ਸਿੰਘ ਦੀ ਅਗਵਾਈ ਵਿਚ ਬੁਰਜ ਸਾਹਿਬ ਵਿਖੇ ਹੋਈ ਜਿਸ ਵਿਚ ਬੁਲਾਰਿਆਂ ਨੇ ਕਿਹਾ ਕਿ ਐੱਸ.ਕੇ.ਐੱਮ. ਵਲੋਂ ਡੀ.ਸੀ. ਰਾਹੀਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜੇ ਜਾਣਗੇ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਪਾਣੀ ਨਾਲ ਨੁਕਸਾਨ ਹੋ ਗਿਆ ਹੈ, ਜਿਸ ਦੀ ਭਰਪਾਈ ਕਰਨੀ ਸਰਕਾਰ ਦਾ ਫ਼ਰਜ਼ ਬਣਦਾ ਸੀ ਪਰ ਪੰਜਾਬ ਸਰਕਾਰ ਵਲੋਂ ਇਸ ਦਾ ਕੋਈ ਪਾਬੰਦ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਝੋਨੇ ਖ਼ਰੀਦ ਵੇਲੇ ਆੜ੍ਹਤੀਆਂ ਵਲੋਂ ਭਾਰੀ ਕੱਟ ਲਗਾ ਕੇ ਕਿਸਾਨਾਂ ਦੀ ਲੁੱਟ ਕੀਤੀ ਗਈ ਹੈ | ਇਸ ਤੋਂ ਇਲਾਵਾ ਗੰਨੇ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਸਹਾਰਾ ਜਾਨਵਰਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹੇ ਭਰ ਤੋਂ ਕਿਸਾਨ ਆਗੂਆਂ ਨੇ ਮੀਟਿੰਗ ਵਿਚ ਭਾਗ ਲਿਆ |