ਗੁਰਦਾਸਪੁਰ, 19 ਨਵੰਬਰ (ਚੱਕਰਾਜਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਗੁਰਦੁਆਰਾ ਸੰਗਤਪੁਰਾ ਹਰਦੋ ਬਥਵਾਲਾ ਜ਼ਿਲ੍ਹਾ ਗੁਰਦਾਸਪੁਰ ਤੋਂ ਆਰੰਭ ਹੋਣਾ ਹੈ ਜੋ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦਾ ਹੋਇਆ ਬਟਾਲਾ ਤੇ ਫਿਰ ਬਟਾਲਾ ਤੋਂ ਜਲੰਧਰ ਰੋਡ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ | ਇਸ ਸੰਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਅਦਿੱਤਿਆ ਉੱਪਲ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਪੰਜਾਬ ਲੀਕਰ ਲਾਇਸੈਂਸ ਦੇ ਰੂਲ 37(9) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 20 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਡਰਾਈ ਡੇਅ ਐਲਾਨਿਆ ਗਿਆ ਹੈ ਤੇ ਨਗਰ ਕੀਰਤਨ ਵਾਲੇ ਰੂਟ ਉੱਤੇ ਸਾਰੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਖੋਲ੍ਹਣ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਹ ਮਨਾਹੀ ਦੇ ਹੁਕਮ ਹੋਟਲਾਂ, ਕਲੱਬਾਂ ਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜ਼ਤ ਹੈ 'ਤੇ ਵੀ ਪੂਰਨ ਤੌਰ 'ਤੇ ਲਾਗੂ ਹੋਣਗੇ |