ਬਟਾਲਾ, 3 ਦਸੰਬਰ (ਸਤਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸੰਬੰਧ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਕਾਲੇਨੰਗਲ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਦਾ ਕੀਤਾ ਗਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 'ਆਪ' ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਰੀਆਂ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੀਆਂ ਹਨ | ਪਿਛਲੇ ਕਰੀਬ ਸਾਢੇ 3 ਸਾਲਾਂ ਵਿਚ ਜੋ ਵਿਕਾਸ ਦੇ ਕਾਰਜ ਆਮ ਆਦਮੀ ਪਾਰਟੀ ਨੇ ਪਿੰਡਾਂ ਅੰਦਰ ਕੀਤੇ ਹਨ, ਉਸ ਨੂੰ ਲੈ ਕੇ ਖੁਸ਼ ਹਨ ਤੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਲੋਕਾਂ ਕੋਲੋਂ ਵੋਟਾਂ ਮੰਗੀਆਂ ਜਾਣਗੀਆਂ | ਸ਼ੈਰੀ ਕਲਸੀ ਨੇ ਕਿਹਾ ਸੂਬੇ ਦੇ ਲੋਕਾਂ ਨੇ ਪਿਛਲੀਆਂ ਸਾਰੀਆਂ ਚੋਣਾਂ ਵਿਚ 'ਆਪ' ਨੂੰ ਆਪਣਾ ਆਸ਼ੀਰਵਾਦ ਦਿੱਤਾ, ਕਿਉਂਕਿ ਆਮ ਆਦਮੀ ਪਾਰਟੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਇਸ ਸਰਕਾਰ ਦਾ ਮੁੱਖ ਮਕਸਦ ਹੀ ਸੂਬੇ ਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਾ ਹੈ ਤੇ ਉਸ ਦੇ ਨਾਲ ਹੀ ਲੋਕਾਂ ਨੂੰ ਸਾਰੀਆਂ ਸੁੱਖ-ਸਹੂਲਤਾਂ ਪ੍ਰਦਾਨ ਕਰਨੀਆਂ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੰਜਾਬ ਅੰਦਰ ਲਗਾਤਾਰ ਵਿਸਥਾਰ ਹੋ ਰਿਹਾ ਹੈ | 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਲੈ ਕੇ ਹੁਣ ਤੱਕ ਦੀਆਂ ਸਾਰੀਆਂ ਹੀ ਚੋਣਾਂ ਜਿਨਾਂ ਵਿਚ ਜ਼ਿਮਨੀ ਚੋਣਾਂ ਤੇ ਪੰਚਾਇਤ ਦੀ ਚੋਣਾਂ ਵੀ ਸ਼ਾਮਿਲ ਹਨ, ਉਨ੍ਹਾਂ ਵਿਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਲਗਾਤਾਰ ਬਿਹਤਰ ਰਿਹਾ ਹੈ ਤੇ ਸਾਨੂੰ ਹੁਣ ਵੀ ਪੂਰੀ ਉਮੀਦ ਹੈ ਕਿ ਲੋਕ ਇਸ ਵਾਰ ਵੀ 'ਆਪ' ਦੇ ਹੱਕ ਵਿਚ ਹੀ ਆਪਣਾ ਸਮਰਥਨ ਦੇਣਗੇ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੇ ਬਲਾਕ ਸੰਮਤੀ ਚੋਣਾਂ ਲਈ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਜਿਨਾਂ ਦੀ ਜਿੱਤ ਲਈ ਪਾਰਟੀ ਦਾ ਹਰ ਆਗੂ ਅਤੇ ਵਰਕਰ ਦਿਨ ਰਾਤ ਮਿਹਨਤ ਕਰੇਗਾ | ਉਨ੍ਹਾਂ ਨੇ ਪਾਰਟੀਆਂ ਆਗੂਆਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਕੰਮ ਕਰਨ ਤੇ ਘਰ-ਘਰ ਜਾ ਕੇ ਲੋਕਾਂ ਨੂੰ 'ਆਪ' ਦੀਆਂ ਲੋਕਪੱਖੀ ਲਾਗੂ ਕੀਤੀਆਂ ਨੀਤੀਆਂ ਬਾਰੇ ਜਾਗਰੂਕ ਕਰਨ |