ਗੁਰਦਾਸਪੁਰ, 3 ਦਸੰਬਰ (ਚੱਕਰਾਜਾ)-14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਦੇ ਸਬੰਧ ਵਿਚ ਰਾਜ ਚੋਣ ਕਮਿਸ਼ਨ ਵਲੋਂ ਗੁਰਦਾਸਪੁਰ ਵਿਚ ਤਾਇਨਾਤ ਕੀਤੇ ਗਏ ਚੋਣ ਆਬਜ਼ਰਵਰ ਹਰਪ੍ਰੀਤ ਸਿੰਘ ਵਲੋਂ ਅੱਜ ਚੋਣਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਡਾ: ਮਹਿਤਾਬ ਸਿੰਘ , ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਪੀ (ਐੱਚ) ਗੁਰਦਾਸਪੁਰ ਜੁਗਰਾਜ ਸਿੰਘ ਸਮੇਤ ਸਮੂਹ ਰਿਟਰਨਿੰਗ ਤੇ ਚੋਣ ਅਧਿਕਾਰੀ ਮੌਜੂਦ ਸਨ | ਅਬਜ਼ਰਵਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਦੀਆਂ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਆਜ਼ਾਦ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ | ਉਨ੍ਹਾਂ ਅਧਿਕਾਰੀਆਂ ਕੋਲੋਂ ਸੁਰੱਖਿਆ ਪ੍ਰਬੰਧਾਂ, ਪੋਲਿੰਗ ਬੂਥਾਂ, ਬੈਲਟ ਬਾਕਸ, ਚੋਣ ਰਿਹਰਸਲਾਂ, ਡਿਸਪੈਚ ਤੇ ਕਾਊਾਟਿੰਗ ਸੈਂਟਰਾਂ ਸਮੇਤ ਵੱਖ-ਵੱਖ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਕੀਤੀ | ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ ਤੇ 11 ਬਲਾਕ ਸੰਮਤੀਆਂ ਦੇ 204 ਜ਼ੋਨਾਂ ਦੀਆਂ ਚੋਣਾਂ ਸੁਚਾਰੂ ਢੰਗ ਨਾਲ ਕਰਵਾਈਆਂ ਜਾਣਗੀਆਂ, ਜਿਸ ਸੰਬੰਧੀ ਤਿਆਰੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਦੀ ਰਿਹਰਸਲ 7 ਤੇ 11 ਦਸੰਬਰ ਨੂੰ ਹੋਵੇਗੀ ਤੇ 13 ਦਸੰਬਰ ਨੂੰ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਜਾਣਗੀਆਂ | ਜ਼ਿਲੇ੍ਹ ਵਿਚ 1508 ਪੋਲਿੰਗ ਬੂਥ ਬਣਾਏ ਗਏ ਹਨ | ਚੋਣ ਆਬਜ਼ਰਵਰ ਹਰਪ੍ਰੀਤ ਸਿੰਘ ਸਥਾਨਕ ਬੀ.ਐੱਸ.ਐਫ. ਰੈਸਟ ਵਿਚ ਠਹਿਰਨਗੇ | ਜੇਕਰ ਚੋਣਾਂ ਸਬੰਧੀ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਮੋਬਾਈਲ ਨੰਬਰ 73072-00036 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਵਲੋਂ ਜਾਰੀ ਕੀਤੇ ਪੱਤਰ ਤਹਿਤ ਉਮੀਦਵਾਰਾਂ ਨੂੰ ਰਾਹਤ ਦਿੰਦਿਆਂ ਹੁਕਮ ਜਾਰੀ ਕੀਤੇ ਹਨ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਉਮੀਦਵਾਰ ਬਣਨ ਦੇ ਚਾਹਵਾਨਾਂ ਨੂੰ ਜੇਕਰ ਸਬੰਧਿਤ ਵਿਭਾਗ ਪਾਸੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ 'ਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਆਪਣੇ ਨਾਮਜ਼ਦਗੀ ਪੱਤਰ ਨਾਲ ਇਕ ਹਲਫ਼ੀਆ ਬਿਆਨ ਨੱਥੀ ਕਰਕੇ ਰਿਟਰਨਿੰਗ ਅਫ਼ਸਰ ਪਾਸ ਆਪਣੀ ਫਾਈਲ ਜਮਾਂ ਕਰਵਾ ਸਕਣਗੇ | ਉਨ੍ਹਾਂ ਆਪਣੇ ਪੱਤਰ 'ਚ ਲਿਖਿਆ ਕਿ ਉਮੀਦਵਾਰ ਨੂੰ ਆਪਣੇ ਹਲਫੀਆ ਬਿਆਨ 'ਚ ਇਹ ਬਿਆਨ ਕਰਨਾ ਪਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ 1994 ਦੀ ਧਾਰਾ 11 ਮੇਰੇ 'ਤੇ ਲਾਗੂ ਨਹੀਂ ਹੈ ਤੇ ਮੈਂ ਗ੍ਰਾਮ ਪੰਚਾਇਤ/ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਦੀ ਜ਼ਮੀਨ ਦਾ ਮਜਾਰਾ, ਪਟੇਦਾਰ, ਠੇਕੇਦਾਰ ਜਾਂ ਹਿੱਸੇਦਾਰ ਨਹੀਂ ਹਾਂ |