ਫ਼ਤਹਿਗੜ੍ਹ ਚੂੜੀਆਂ, 8 ਦਸੰਬਰ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਾਗਜ਼ ਦਾਖਲ ਕਰਨ ਮੌਕੇ ਆਮ ਆਦਮੀ ਪਾਰਟੀ ਵਲੋਂ ਵੱਡੀਆਂ ਧਾਂਦਲੀਆਂ ਕੀਤੀਆਂ ਗਈਆਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਕੀਤਾ | ਉਨ੍ਹਾਂ ਕਿਹਾ ਕਿ ਸਾਡੇ ਸੀਨੀਅਰ ਵਰਕਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਧੜੱਲੇ ਨਾਲ ਲੜਨਾ ਚਾਹੁੰਦੇ ਸੀ ਪਰ ਇਨ੍ਹਾਂ ਵਿਚੋਂ ਬਹੁਤਿਆਂ ਦੇ ਬੇਨਿਯਮੀਆਂ ਤੇ ਧੱਕੇਸ਼ਾਹੀ ਕਰਦਿਆਂ ਬਹੁਤੇ ਥਾਈਾ ਕਾਗਜ਼ ਰੱਦ ਕਰ ਦਿੱਤੇ ਗਏ ਹਨ ਜਿਸ ਨਾਲ ਸਰਕਾਰ ਦੀ ਬਹੁਤ ਵੱਡੀ ਨਾਕਾਮੀ ਜੱਗ ਜਾਹਿਰ ਹੋਈ ਹੈ | ਉਨ੍ਹਾਂ ਨੇ ਵਰਕਰਾਂ ਨੂੰ ਦਿਲਾਸਾ ਦਿੰਦੇ ਹੋਏ ਕਿਹਾ ਕਿ ਤਗੜੇ ਹੋਵੋ, ਜਿਹੜੇ ਸਾਡੇ ਵਰਕਰਾਂ ਦੇ ਕਾਗਜ਼ ਸਵੀਕਾਰ ਹੋਏ ਹਨ, ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਇਕਜੁੱਟਤਾ ਨਾਲ ਵੱਡੀ ਜਿੱਤ ਪ੍ਰਾਪਤ ਕਰ ਕੇ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਜਵਾਬ ਠੋਕ ਕੇ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਹੰਭਲਾ ਮਾਰਨ ਲਈ ਹਲਕੇ ਅੰਦਰ ਵੱਖੋ-ਵੱਖਰੇ ਜ਼ੋਨ ਬਣਾ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਖੜੇ ਕੀਤੇ ਗਏ ਉਮੀਦਵਾਰਾਂ ਦੀ ਹਮਾਇਤ ਵਿਚ ਡਟ ਕੇ ਪਹਿਰਾ ਦਿੱਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਚੋਣਾਂ ਮੌਕੇ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਉਂਕਿ ਲੋਕਤੰਤਰ ਵਿਚ ਆਪਣੀ ਵੋਟ ਦਾ ਆਪਣੀ ਮਰਜ਼ੀ ਨਾਲ ਇਸਤੇਮਾਲ ਕਰਨ ਦਾ ਸਭ ਨੂੰ ਹੱਕ ਹੈ |