ਹਰਚੋਵਾਲ, 8 ਦਸੰਬਰ (ਭਾਮ, ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲੜ ਰਹੇ ਸਾਰੇ ਹੀ ਉਮੀਦਵਾਰਾਂ ਵਲੋਂ ਆਪਣੀ ਚੋਣ ਮੁਹਿੰਮ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਯੋਜਨਾਬੰਦੀ ਕੀਤੀ ਜਾ ਰਹੀ ਹੈ ਤੇ ਵੋਟਰਾਂ ਤੱਕ ਆਪਣੀ ਪਹੁੰਚ ਬਣਾਉਣ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਹਰਚੋਵਾਲ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜ ਰਾਣੀ ਪਤਨੀ ਇਕਬਾਲ ਮਸੀਹ ਸਾ. ਸਰਪੰਚ ਭਾਮੜੀ ਵਲੋਂ ਵੀ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਪਿੰਡਾਂ ਵਿਚ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਤੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਨਾਂਅ ਵੋਟਾਂ ਮੰਗੀਆਂ ਜਾ ਰਹੀਆਂ ਹਨ | ਇਸ ਸੰਬੰਧੀ ਉਮੀਦਵਾਰ ਰਾਜ ਰਾਣੀ ਦੇ ਪਤੀ ਇਕਬਾਲ ਮਸੀਹ ਨੇ ਦੱਸਿਆ ਕਿ ਹਰਚੋਵਾਲ ਜ਼ੋਨ ਅਧੀਨ ਆਉਂਦੇ ਪਿੰਡਾਂ ਵਿਚੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ |