ਅਬੋਹਰ, 16 ਜੁਲਾਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ/ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਲੜੀ ਦੇ ਤਹਿਤ ਅਬੋਹਰ ਦੇ ਤਹਿਸੀਲ ਕੰਪਲੈਕਸ ਵਿਖੇ ਬਣੇ ਸੇਵਾ ਕੇਂਦਰ ਨੂੰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ ਨੇ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਇਸ ਸੇਵਾ ਕੇਂਦਰ ਵਿਖੇ ਲੋਕਾਂ ਦੀ ਆਮਦ ਜ਼ਿਆਦਾ ਸੀ ਜਿਸ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਇਹ ਫ਼ੈਸਲਾ ਕੀਤਾ ਗਿਆ ਹੈ | ਇਸ ਤੋਂ ਬਿਨ੍ਹਾਂ ਬਹੁਤ ਸਾਰੇ ਨੌਕਰੀ ਪੇਸ਼ਾ ਲੋਕ ਤੇ ਹੋਰ ਪ੍ਰਾਈਵੇਟ ਨੌਕਰੀਆਂ ਕਰਨ ਵਾਲੇ ਵੀ ਹੁਣ ਆਪਣੇ ਨੌਕਰੀ ਦੇ ਸਮੇਂ ਤੋਂ ਬਾਅਦ ਸੇਵਾ ਕੇਂਦਰ ਨਾਲ ਸੰਬੰਧਿਤ ਕੰਮਾਂ ਲਈ ਸੇਵਾ ਕੇਂਦਰ ਵਿਖੇ ਆ ਸਕਦੇ ਹਨ | ਉਨ੍ਹਾਂ ਆਖਿਆ ਕਿ ਇਹ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਾ ਰਹੇਗਾ ਤਾਂ ਲੋਕਾਂ ਨੂੰ ਵੱਡੀ ਸਹੂਲਤ ਹੋਵੇਗੀ | ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਕੋਈ ਵੀ ਸ਼ਖ਼ਸ ਸੇਵਾ ਕੇਂਦਰਾਂ ਨਾਲ ਸਬੰਧਿਤ ਕੰਮਾਂ ਲਈ ਇਸ ਸੇਵਾ ਕੇਂਦਰ ਵਿਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਆ ਸਕਦਾ ਹੈ |