ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
ਅਜੀਤ ਡੈਸਕ
18-07-2025
ਅਬੋਹਰ, 17 ਜੁਲਾਈ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਖੂਈਆਂ ਸਰਵਰ ਤੇ ਪੰਜਕੋਸੀ ਦੇ ਵਿਚਕਾਰ ਸਵੇਰੇ ਇਕ ਤੇਜ਼ ਰਫ਼ਤਾਰ ਬੱਸ ਚਾਲਕ ਨੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਨੇ ਮਿ੍ਤਕ ਦੀ ਲਾਸ਼ ਪੋਸਟਮਾਰਟਮ ਲਈ ਮੁਰਦਾ ਘਰ 'ਚ ਰੱਖ ਦਿੱਤੀ | ਦੱਸਿਆ ਜਾ ਰਿਹਾ ਹੈ ਕਿ ਮਿ੍ਤਕ ਨੌਜਵਾਨ ਦੇ ਮਾਤਾ ਪਿਤਾ ਨਹੀਂ ਹਨ | ਜਾਣਕਾਰੀ ਅਨੁਸਾਰ ਪਿੰਡ ਪੰਜਕੋਸੀ ਦੇ ਰਹਿਣ ਵਾਲੇ ਰਤਨ ਢਲ ਪੁੱਤਰ ਕ੍ਰਿਸ਼ਨ ਲਾਲ, ਜੋ ਕਿ ਪੇਂਟਰ ਦਾ ਕੰਮ ਕਰਦਾ ਸੀ ਤੇ ਉਸ ਦੇ ਦੋ ਭਰਾ ਸਨ | ਅੱਜ ਸਵੇਰੇ ਆਪਣੇ ਮੋਟਰਸਾਈਕਲ 'ਤੇ ਸ਼ਹਿਰ ਵੱਲ ਆ ਰਿਹਾ ਸੀ ਤਾਂ ਰਸਤੇ ਵਿਚ ਇਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਚਾਲਕ ਮੌਕੇ ਤੋਂ ਭੱਜ ਗਿਆ | ਘਟਨਾ ਤੋਂ ਬਾਅਦ ਆਲੇ-ਦੁਆਲੇ ਦੇ ਲੋਕਾਂ ਨੇ ਰਤਨ ਨੂੰ ਸੜਕ 'ਤੇ ਖ਼ੂਨ ਨਾਲ ਲੱਥਪੱਥ ਪਿਆ ਦੇਖਿਆ ਅਤੇ ਐਂਬੂਲੈਂਸ ਡਰਾਈਵਰਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਹਸਪਤਾਲ ਦੇ ਡਾਕਟਰ ਸੌਰਵ ਨੇ ਦੱਸਿਆ ਕਿ ਉਕਤ ਨੌਜਵਾਨ ਰਤਨ ਲਾਲ ਪੁੱਤਰ ਕਿ੍ਸ਼ਨ ਲਾਲ ਨੂੰ 108 ਐਂਬੂਲੈਂਸ ਦੁਆਰਾ ਹਸਪਤਾਲ ਲਿਆਂਦਾ ਗਿਆ ਸੀ | ਜਿਸ ਦੀ ਹਾਦਸੇ ਵਿਚ ਪਹਿਲਾਂ ਹੀ ਮੌਤ ਹੋ ਚੁੱਕੀ ਸੀ | ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |