ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੀ ਲਗਾਤਾਰਤਾ ਵਿਚ ਪਿੰਡ ਤੇਜਾ ਰੁਹੇਲਾ, ਮਹਾਤਮ ਨਗਰ, ਦੋਨਾ ਨਾਨਕਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ | ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਦੇ ਵਾਰਡਾਂ ਵਿਚ ਵੀ ਨਸ਼ਾ ਮੁਕਤੀ ਯਾਤਰਾ ਪਹੁੰਚ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ 'ਨਸ਼ਾ ਮੁਕਤੀ ਯਾਤਰਾ' ਕਰਕੇ ਇਸ ਨਾ ਮੁਰਾਦ ਬਿਮਾਰੀ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹੱਦ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਲਈ ਸ਼ੁਰੂ ਕੀਤੀ 'ਨਸ਼ਾ ਮੁਕਤੀ ਯਾਤਰਾ' ਦੇ ਨਤੀਜੇ ਬਹੁਤ ਵਧੀਆ ਮਿਲ ਰਹੇ ਹਨ ਅਤੇ ਲੋਕਾਂ ਦਾ ਭਰਪੂਰ ਸਾਥ ਨਸ਼ਿਆਂ ਵਿਰੁੱਧ ਮਿਲ ਰਿਹਾ ਹੈ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਸਾਰਥਿਕ ਯਤਨ ਕੀਤੇ ਜਾ ਰਹੇ ਹਨ ਜਿਸ ਵਿਚ ਸਹਿਯੋਗ ਲਈ ਲੋਕਾਂ ਨੂੰ ਵੀ ਵਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਸਰਗਰਮ ਹਨ ਅਤੇ ਹਰੇਕ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਬਚਾਉਣ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ | ਉਨ੍ਹਾਂ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਅਜਿਹੇ ਵਿਅਕਤੀਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀ, ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੇ ਜਾਣ ਦਾ ਵੀ ਵਿਸ਼ਵਾਸ ਦਵਾਇਆ | ਇਸ ਮੌਕੇ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਨਸ਼ੇ ਤੋਂ ਦੂਰ ਰਹਿਣ ਦਾ ਪ੍ਰਣ ਵੀ ਦਵਾਇਆ ਗਿਆ | ਇਸ ਮੌਕੇ ਬੱਬੂ ਚੇਤੀਵਾਲ, ਬਲਾਕ ਪ੍ਰਧਾਨ ਅਲਕਾ ਜੁਨੇਜਾ, ਹਰਮੰਦਰ ਸਿੰਘ ਬਰਾੜ, ਬੌਬੀ ਸੇਤੀਆ ਆਦਿ ਹਾਜ਼ਰ ਸਨ |