ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਢਾਣੀ ਬੁਰਜ, ਝੋਕ ਡਿਪੂ ਲਾਣਾ, ਸੰਤ ਖੀਵਾਪੁਰ, ਓਝਾ ਵਾਲੀ, ਚੂਹੜੀ ਵਾਲਾ ਚਿਸ਼ਤੀ ਤੇ ਝੁੱਗੇ ਗੁਲਾਬ ਸਿੰਘ (ਆਸਿਫਵਾਲਾ) ਵਿਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ 'ਚ ਸ਼ਿਰਕਤ ਕਰਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ ਤੇ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਇਸ ਜੰਗ 'ਚ ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਧਾਇਕ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ | ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਪੰਜਾਬ ਸਰਕਾਰ ਨਸ਼ੇ ਨਾਲ ਪੀੜਤ ਵਿਅਕਤੀਆਂ ਨਾਲ ਹਮਦਰਦੀ ਭਰਿਆ ਵਰਤਾਰਾ ਰੱਖ ਰਹੀ ਹੈ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਕਰਨ ਵਾਲਿਆਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿਚ ਬਿਲਕੁਲ ਮੁਫ਼ਤ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਜੇਲ੍ਹਾਂ ਵਿਚ ਬੰਦ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਘਰਾਂ 'ਤੇ ਵੀ ਪੀਲਾ ਪੰਜਾ ਚਲਾਇਆ ਜਾ ਰਿਹਾ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਪਿੰਡ ਵੀ ਕੋਈ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਹੈ ਤਾਂ ਪਿੰਡ ਵਾਸੀ ਬੇਝਿਜਕ ਹੋ ਕੇ ਉਨ੍ਹਾਂ ਨੂੰ ਜਾਂ ਫਿਰ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦੇ | ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ | ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਲ ਨਾਲ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਪੰਚਾਇਤ ਅਫ਼ਸਰ ਦਰਸ਼ਨ ਸਿੰਘ, ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ, ਬੀ.ਡੀ.ਪੀ.ਓ ਦਫ਼ਤਰ ਤੋਂ ਬਲਵਿੰਦਰ ਸਿੰਘ, ਸਾਬਕਾ ਸਰਪੰਚ ਹਰਿਮੰਦਰ ਸਿੰਘ ਬਰਾੜ, ਮਹਿਲਾ ਵਿੰਗ ਆਗੂ ਆਸ਼ਾ ਰਾਣੀ, ਬਲਾਕ ਪ੍ਰਧਾਨ ਅਮਰੀਕ ਸਿੰਘ, ਪੁਲਿਸ ਵਿਭਾਗ ਤੋਂ ਆਕਾਸ਼ ਕੰਬੋਜ, ਸਰਪੰਚ ਪ੍ਰੇਮ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |