ਮੱਖੂ, 21 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੀਰੋ ਫਾਰਮ ਮੱਖੂ ਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਨੂੰ ਹਲਕਾ ਇੰਚਾਰਜ ਲਗਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਤੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਵਲੋਂ ਸਾਡੇ ਖ਼ਿਲਾਫ਼ ਸ਼ੁਰੂ ਕੀਤੀ ਝੂਠੀ ਪ੍ਰਚਾਰ ਮੁਹਿੰਮ ਕਾਰਨ ਸਾਡੀ ਪਾਰਟੀ ਦਾ ਨੁਕਸਾਨ ਹੋਇਆ | ਉਨ੍ਹਾਂ ਕਿਹਾ ਕਿ ਸੱਚ ਹੁਣ ਸਾਹਮਣੇ ਆ ਰਿਹਾ ਹੈ ਅਤੇ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਖ਼ੁਦ ਮੰਨਿਆ ਹੈ ਕਿ ਉਨ੍ਹਾਂ ਨੇ ਬੇਅਦਬੀ ਦੇ ਮਾਮਲੇ 'ਤੇ ਰਾਜਨੀਤੀ ਕੀਤੀ | ਸਰਦਾਰ ਬਾਦਲ ਨੇ ਕਿਹਾ ਕਿ ਮਲੇਰਕੋਟਲਾ ਬੇਅਦਬੀ ਮਾਮਲੇ ਵਿਚ 'ਆਪ' ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਠਹਿਰਾਏ ਜਾਣ ਨੇ ਸਾਬਤ ਕਰ ਦਿੱਤਾ ਕਿ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਵਿਚ ਭੂਮਿਕਾ ਸੀ | ਉਨ੍ਹਾਂ ਕਿਹਾ ਕਿ ਇਹ ਗੱਲ ਇੱਥੋਂ ਵੀ ਸਾਬਤ ਹੁੰਦੀ ਹੈ ਕਿਉਂਕਿ ਦੋ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਤੇ ਹਰਜੋਤ ਬੈਂਸ ਦੀ ਜ਼ਿੰਮੇਵਾਰੀ ਨਰੇਸ਼ ਯਾਦਵ ਦੇ ਬਚਾਅ ਵਾਸਤੇ ਲਗਾਈ ਗਈ ਜਿਸਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੇ ਮੁੜ ਤੋਂ ਮਹਿਰੌਲੀ ਤੋਂ ਉਮੀਦਵਾਰ ਬਣਾ ਦਿੱਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਤੇ ਆਟਾ ਦਾਲ ਸਕੀਮ ਸਮੇਤ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਸਿਰਫ਼ ਦੋ ਹੀ ਕੇਸ ਰਹਿ ਗਏ ਸਨ ਜਿਨ੍ਹਾਂ ਵਿਚ ਮੋਗਾ ਤੇ ਮਲੇਰਕੋਟਲਾ ਦੇ ਕੇਸ ਸ਼ਾਮਲ ਸਨ ਤੇ ਅਸੀਂ ਦੋਵਾਂ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੁਆਈਆਂ |