06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 01-09-2025
ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਪਾਬੰਦੀਆਂ 31 ਅਕਤੂਬਰ 2025 ਤੱਕ ਲਾਗੂ ਰਹਿਣਗੀਆਂ ਤੇ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ 'ਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ | ਹੁਕਮਾਂ 'ਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਹ ਪਸ਼ੂ ਪਾਲਨ ਵਿਭਾਗ ਪਾਸ ਰਜਿਸਟਰਡ ਜ਼ਰੂਰ ਕਰਵਾਉਣ | ਜ਼ਿਲ੍ਹਾ ਮੈਜਿਸਟਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ | ਜ਼ਿਲੇ੍ਹ ਦੇ ਸਮੂਹ ਪਿੰਡਾਂ ਤੇ ਨਗਰ ਕੌਂਸਲਾਂ ਦੀ ਹੱਦ 'ਚ ਇਹ ਹੁਕਮ ਲਾਗੂ ਰਹਿਣਗੇ | ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਜ਼ਿਲ੍ਹਾ ਮੈਜਿਸਟਰੇਟ ਨੇ ਕੌਮਾਂਤਰੀ ਸਰਹੱਦ 'ਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ 'ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ੍ਹ, ਤੋਰੀਆ, ਸੂਰਜਮੁਖੀ ਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਬੀ.ਐੱਸ.ਐਫ. ਦੇ ਅਧਿਕਾਰੀਆਂ ਵਲੋਂ ਧਿਆਨ 'ਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁੱਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ੍ਹ, ਤੋਰੀਆ, ਸੂਰਜਮੁਖੀ ਤੇ 4.5 ਫ਼ੁੱਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ | ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ 'ਤੇ ਪੂਰਨ ਪਾਬੰਦੀ ਲਗਾਈ ਹੈ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਮੀਟਿੰਗ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਰਾਤ ਸਮੇਂ ਰਾਹਤ ਕੈਂਪ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।