ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਜੀਵਨ ਦੇ ਫ਼ਲਸਫ਼ੇ ਬਾਰੇ ਜਾਣਕਾਰੀ ਦੇਣ ਲਈ 8 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਾਜ਼ਿਲਕਾ ਵਿਖੇ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਬੰਧਨ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਲੋਕਾਂ ਨੂੰ ਸ਼ਾਮ 5 ਵਜੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਵਿਚ ਜ਼ਿਲ੍ਹੇ ਭਰ ਤੋਂ ਲੋਕ ਸ਼ਾਮਿਲ ਹੋਣਗੇ ਇਸ ਲਈ ਪ੍ਰਬੰਧਾਂ ਨੰੂ ਸਮੇਂ ਰਹਿੰਦੇ ਮੁਕੰਮਲ ਕਰ ਲਿਆ ਜਾਵੇ | ਸਮਾਗਮ ਵਿਚ ਜ਼ਿਲ੍ਹਾ ਨਿਵਾਸੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸੰਦੇਸ਼, ਜੀਵਨ ਤੇ ਫ਼ਲਸਫ਼ਾ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਅਧਿਕਾਰੀਆਂ ਨੂੰ ਆਵਾਜਾਈ ਪ੍ਰਬੰਧਾਂ, ਸੁਰੱਖਿਆ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸਾਫ਼ ਸਫ਼ਾਈ, ਮੈਡੀਕਲ ਸੁਵਿਧਾ ਸਮੇਤ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ, ਐੱਸ.ਪੀ. ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ (ਜ) ਅਮਨਦੀਪ ਸਿੰਘ ਮਾਵੀ, ਸਿਵਲ ਸਰਜਨ ਡਾ.ਰੋਹਿਤ ਗੋਇਲ, ਸਹਾਇਕ ਕਮਿਸ਼ਨਰ (ਯੂ.ਟੀ) ਅਰਵਿੰਦ, ਕਾਰਜ ਸਾਧਕ ਅਫ਼ਸਰ ਫ਼ਾਜ਼ਿਲਕਾ ਵਿਕਰਮ ਧੂੜੀਆ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |