ਅਬੋਹਰ, 18 ਨਵੰਬਰ (ਵਿਵੇਕ ਹੂੜੀਆ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਖੂਈ ਖੇੜਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ | ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਪਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਰੈਫ਼ਰ ਕਰ ਦਿੱਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੂਈ ਖੇੜਾ ਸੀ.ਐੱਚ.ਸੀ. ਸੈਂਟਰ ਦੇ ਐਂਬੂਲੈਂਸ ਵਰਕਰ ਨੇ ਦੱਸਿਆ ਕਿ ਪਿੰਡ ਦੇ ਸਕੂਲ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਪਿੰਡ ਖੂਈ ਖੇੜਾ ਨਿਵਾਸੀ ਰਵਿੰਦਰ ਕੁਮਾਰ ਅਤੇ ਉਸ ਦੀ ਪਤਨੀ ਸੁਮਨ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ 'ਤੋਂ ਭੱਜ ਗਏ | ਟੱਕਰ ਤੋਂ ਬਾਅਦ ਪਤੀ-ਪਤਨੀ ਹੇਠਾਂ ਡਿਗ ਗਏ ਅਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ | ਆਲ਼ੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਪਹਿਲਾਂ ਉਨ੍ਹਾਂ ਨੂੰ ਖੂਈ ਖੇੜਾ ਦੇ ਸੀ.ਐੱਚ.ਸੀ ਸੈਂਟਰ ਵਿਚ ਦਾਖਲ ਕਰਵਾਇਆ, ਜਿੱਥੋਂ ਉਨ੍ਹਾਂ ਨੂੰ ਅਬੋਹਰ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ | ਫਿਰ ਉਹ ਜ਼ਖਮੀਆਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲੈ ਆਏ, ਜਿੱਥੇ ਡਾਕਟਰਾਂ ਨੇ ਇਹ ਪਤਾ ਲਗਾਇਆ ਕਿ ਰਵਿੰਦਰ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਹਨ, ਜਦੋਂ ਕਿ ਸੁਮਨ ਵੀ ਜ਼ਖਮੀ ਹੈ | ਮੁੱਢਲਾ ਇਲਾਜ ਦੇਣ ਤੋਂ ਬਾਅਦ ਰਵਿੰਦਰ ਕੁਮਾਰ ਨੂੰ ਉੱਥੋਂ ਰੈਫ਼ਰ ਕਰ ਦਿੱਤਾ ਗਿਆ |