ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਨੇ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਫ਼ਾਇਦਾ ਲੈਣ ਲਈ 18 ਨਵੰਬਰ 2022 ਨੂੰ ਜਲਦਬਾਜ਼ੀ ਵਿਚ ਇੱਕ ਅੱਧਾ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਫ਼ਾਜ਼ਿਲਕਾ ਦੇ ਆਗੂ ਬਲਵਿੰਦਰ ਸਿੰਘ, ਦੁਪਿੰਦਰ ਢਿੱਲੋਂ, ਕੁਲਦੀਪ ਸਿੰਘ ਸਭਰਵਾਲ, ਪਰਮਜੀਤ ਸਿੰਘ ਸੋਰੇਵਾਲਾ ,ਜਗਨੰਦਨ ਸਿੰਘ, ਸੁਰਿੰਦਰ ਕੰਬੋਜ, ਗੁਰਮੀਤ ਸਿੰਘ ਢਾਬਾ, ਸੁਖਵਿੰਦਰ ਸਿੰਘ ਸਿੱਧੂ, ਹਰਜਿੰਦਰ ਸਿੰਘ, ਸੁਖਦੇਵ ਚੰਦ ਕੰਬੋਜ, ਅਮਰਜੀਤ ਸਿੰਘ ਚਾਵਲਾ ਅਤੇ ਅਸ਼ੋਕ ਕੁਮਾਰ ਨੇ ਸਾਂਝੇ ਰੂਪ ਵਿਚ ਦੱਸਿਆ ਕਿ ਅੱਜ ਤਿੰਨ ਸਾਲ ਬੀਤ ਜਾਣ ਤੇ ਵੀ ਇਸ ਨੋਟੀਫ਼ਿਕੇਸ਼ਨ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ | ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਦੀ ਉਡੀਕ ਕਰ ਰਹੇ ਮੁਲਾਜ਼ਮ ਵਰਗ ਨਾਲ ਧੋਖਾ ਹੈ | ਆਗੂਆਂ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਸੂਬੇ ਭਰ ਦੇ ਮੁਲਾਜ਼ਮ ਆਪਣੇ-ਆਪਣੇ ਸਕੂਲਾਂ, ਦਫ਼ਤਰਾਂ ਵਿਚ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਦੇਰੀ ਦੇ 1973 ਦੇ ਪੈਨਸ਼ਨ ਐਕਟ ਮੁਤਾਬਿਕ ਪੁਰਾਣੀ ਪੈਨਸ਼ਨ ਲਾਗੂ ਕਰਕੇ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਪੂਰਾ ਕਰੇ | ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਾਰੀ ਉਮਰ ਕੀਤੀ ਸੇਵਾ ਦਾ ਫਲ ਹੁੰਦਾ ਹੈ ਨਾ ਕਿ ਖ਼ੈਰਾਤ, ਪੈਨਸ਼ਨ ਮੁਲਾਜ਼ਮਾਂ ਦਾ ਸੰਵਿਧਾਨਕ ਹੱਕ ਹੈ ਜਿਸ ਨੂੰ ਮੁਲਾਜ਼ਮ ਹਰ ਹਾਲ ਵਿਚ ਲੈ ਕੇ ਰਹਿਣਗੇ | ਉਨ੍ਹਾਂ ਕਿਹਾ ਕਿ ਸਰਕਾਰ ਬਿਨਾਂ ਦੇਰੀ ਪੁਰਾਣੀ ਪੈਨਸ਼ਨ ਬਹਾਲ ਕਰਕੇ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਪੂਰਾ ਕਰੇ ਨਹੀਂ ਤਾਂ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਮੁਲਾਜ਼ਮ ਵਰਗ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ |