ਅਬੋਹਰ, 20 ਨਵੰਬਰ (ਵਿਵੇਕ ਹੂੜੀਆ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਰੋਹਿਤ ਗੋਇਲ ਸਿਵਲ ਸਰਜਨ ਫ਼ਾਜ਼ਿਲਕਾ ਦੀ ਨਿਗਰਾਨੀ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਰੇਸ਼ ਕੰਬੋਜ ਦੀ ਮੌਜੂਦਗੀ ਵਿਚ ਸਿਵਲ ਹਸਪਤਾਲ ਅਬੋਹਰ ਦੇ ਸਟਾਫ਼ ਨੇ ਅੰਗ ਦਾਨ ਕਰਨ ਦਾ ਪ੍ਰਣ ਲਿਆ | ਇਸ ਸਬੰਧ ਵਿਚ ਡਾ. ਸੁਰੇਸ਼ ਕੰਬੋਜ ਨੇ ਕਿਹਾ ਕਿ ਸਿਹਤ ਵਿਭਾਗ ਨੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਅੰਗ ਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਕ ਮੁਹਿੰਮ ਸ਼ੁਰੂ ਕੀਤੀ ਹੈ | ਇਸ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਮੌਤ ਤੋਂ ਬਾਅਦ ਆਪਣੇ ਸਿਹਤਮੰਦ ਅੰਗ ਦਾਨ ਕਰਨ ਲਈ ਪ੍ਰੇਰਿਤ ਕਰਨਾ ਅਤੇ ਵੱਡੀ ਗਿਣਤੀ 'ਚ ਲੋਕਾਂ ਵਿਚ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਅੰਗ ਦਾਨ ਕਈ ਮਰੀਜ਼ਾਂ ਦੀ ਜਾਨ ਬਚਾ ਸਕਦਾ ਹੈ | ਡਾ. ਸੁਰੇਸ਼ ਕੰਬੋਜ ਨੇ ਕਿਹਾ ਕਿ ਕੋਈ ਵੀ ਤੰਦਰੁਸਤ ਵਿਅਕਤੀ ਆਪਣੇ ਅੰਗ ਦਾਨ ਕਰ ਸਕਦਾ ਹੈ | ਉਨ੍ਹਾਂ ਸਾਰਿਆਂ ਨੂੰ ਇਸ ਮੁਹਿੰਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜਿਉਂਦੇ ਜੀਅ ਖ਼ੂਨਦਾਨ ਕਰਨਾ ਅਤੇ ਮੌਤ ਤੋਂ ਬਾਅਦ ਅੰਗ ਦਾਨ ਕਰਨਾ ਮਨੁੱਖਤਾ ਦੀ ਸੇਵਾ ਲਈ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ | ਡਾ. ਗਗਨਦੀਪ ਸਿੰਘ ਜਨਰਲ ਸਰਜਨ ਨੇ ਕਿਹਾ ਕਿ ਜਦੋਂ ਸਾਡੇ ਦਿਮਾਗ਼ ਅਤੇ ਦਿਲ ਨੂੰ ਡਾਕਟਰੀ ਮਾਹਿਰਾਂ ਦੇ ਬੋਰਡ ਦੁਆਰਾ ਮਿ੍ਤਕ ਐਲਾਨ ਦਿੱਤਾ ਜਾਂਦਾ ਹੈ ਤਾਂ ਵੀ ਸਾਡਾ ਬਾਕੀ ਸਰੀਰ ਜ਼ਿੰਦਾ ਰਹਿੰਦਾ ਹੈ | ਅਸੀਂ ਕਿਸੇ ਹੋਰ ਦੀ ਜਾਨ ਬਚਾਉਣ ਲਈ ਇਹ ਅੰਗ ਦਾਨ ਕਰ ਸਕਦੇ ਹਾਂ | ਇਸ ਲਈ ਸਾਨੂੰ ਅੰਧਵਿਸ਼ਵਾਸਾਂ ਨੂੰ ਦੂਰ ਕਰਨਾ ਚਾਹੀਦਾ ਹੈ ਅਤੇ ਆਪਣੇ ਅੰਗ ਦਾਨ ਕਰਨ ਲਈ ਸਹੁੰ ਚੁੱਕਣੀ ਚਾਹੀਦੀ ਹੈ ਅਤੇ ਫਾਰਮ ਭਰਨੇ ਚਾਹੀਦੇ ਹਨ | ਇਸ ਮੌਕੇ ਡਾ. ਸੌਰਭ ਫੁਟੇਲਾ, ਹੋਮਿਓਪੈਥੀ ਡਾ. ਮੁਕੇਸ਼, ਅਮਨਦੀਪ ਸਿੰਘ, ਜਗਦੀਸ਼ ਕੁਮਾਰ, ਸੁਖਵਿੰਦਰ ਸਿੰਘ, ਵਿਪਨ ਸੁਥਾਰ, ਰਿਆ, ਹਿਮਾਂਸ਼ੂ, ਰਾਕੇਸ਼ ਕੁਮਾਰ ਅਤੇ ਹੋਰ ਸਟਾਫ਼ ਮੌਜੂਦ ਸਨ |