ਅੰਮਿ੍ਤਸਰ, 16 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸੰਬੰਧੀ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਸੀ. ਏ. ਭਾਗ ਤੀਜਾ ਦੇ ਨਤੀਜੇ 'ਚ ਹੋਣਹਾਰ ਵਿਦਿਆਰਥਣ ਸਿਮਰਨਜੀਤ ਕੌਰ ਨੇ 83 ਫੀਸਦੀ ਅੰਕ ਹਾਸਿਲ ਕਰਕੇ ਅੰਮਿ੍ਤਸਰ ਜ਼ਿਲ੍ਹੇ 'ਚੋਂ ਚੌਥਾ ਅਤੇ ਗੁਰੂ ਨਾਨਕ ਦੇਵ 'ਵਰਸਿਟੀ 'ਚ ਅੱਠਵਾਂ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ, ਕਾਲਜ ਅਤੇ ਸ਼੍ਰੋਮਣੀ ਕਮੇਟੀ ਦਾ ਨਾਮ ਰੌਸ਼ਨ ਕੀਤਾ ਹੈ | ਇਸ ਕਲਾਸ ਦੇ ਦਮਨਦੀਪ ਸਿੰਘ ਨੇ 78 ਫੀਸਦੀ ਅਤੇ ਪੁਨੀਤ ਕੌਰ ਨੇ 77.5 ਫੀਸਦੀ ਅੰਕ ਹਾਸਿਲ ਕਰਕੇ ਕ੍ਰਮਵਾਰ ਕਲਾਸ 'ਚ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਅਤੇ ਸਟਾਫ ਦੀ ਮਿਹਨਤ ਨੂੰ ਦਿੱਤਾ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਨੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਕਾਲਜ ਪਿ੍ੰਸੀਪਲ, ਸਮੂਹ ਸਟਾਫ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਦੌਰਾਨ ਪਿ੍ੰਸੀਪਲ ਅਤੇ ਸਟਾਫ ਵਲੋਂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ | ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮਾਰਟ ਰੂਮ ਅਤੇ ਆਈ. ਸੀ. ਟੀ. ਲੈਬਜ ਤਿਆਰ ਕਰਵਾ ਕੇ ਦਿੱਤੀਆਂ ਹਨ | ਕਾਲਜ 'ਚ ਐੱਨ. ਡੀ. ਏ. ਦੀ ਪ੍ਰੀਖਿਆ ਦੀ ਤਿਆਰੀ ਲਈ ਵਿਸ਼ੇਸ਼ ਕਲਾਸਾਂ ਲਗਾਈਆਂ ਜਾ ਰਹੀਆਂ ਹਨ |