ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਂਦਿਆਂ ਹੋਇਆਂ ਸ਼ਹੀਦ ਹੋਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ | ਅਰਦਾਸ ਤੇ ਹੁਕਮਨਾਮੇ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਨੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ, ਜਿਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ | ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ | ਇਸ ਮੌਕੇ ਅਰਦਾਸੀਏ ਭਾਈ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆ, ਸਾਬਕਾ ਮੈਨੇਜਰ ਬਘੇਲ ਸਿੰਘ ਸਮੇਤ ਹੋਰ ਸ਼ੋ੍ਰਮਣੀ ਕਮੇਟੀ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ |