ਅੰਮਿ੍ਤਸਰ, 19 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਬੇਅਦਬੀਆਂ ਖਿਲਾਫ ਕਾਨੂੰਨ ਬਣਾਉਣ ਲਈ ਚੱਲ ਰਹੀ ਕਾਰਵਾਈ ਦਰਮਿਆਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ 'ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ, 2025' ਸਿਲੈਕਟ ਕਮੇਟੀ ਨੂੰ ਸੌਂਪਣ ਸੰਬੰਧੀ ਪੰਜਾਬ ਵਿਧਾਨ ਸਭਾ ਸਕੱਤਰੇਤ ਵਲੋਂ ਕਮੇਟੀ ਦਾ ਗਠਨ ਕੀਤਾ ਗਿਆ ਹੈ | ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਬਾਰੇ ਆਈ ਧਮਕੀ ਸੰਬੰਧੀ ਸੰਧਵਾਂ ਨੇ ਕਿਹਾ ਕਿ ਜਿਸ ਕਿਸੇ ਵੀ ਸ਼ਰਾਰਤੀ ਅਨਸਰ ਵਲੋਂ ਈ ਮੇਲ ਆਈਆਂ ਹਨ, 'ਤੇ ਕਾਰਵਾਈ ਲਈ ਪੁਲਿਸ ਤੇ ਪ੍ਰਸ਼ਾਸਨ ਨਿਰੰਤਰ ਕੰਮ ਕਰ ਰਿਹਾ ਹੈ ਤੇ ਜਲਦ ਦੋਸ਼ੀ ਫੜੇ ਜਾਣਗੇ | ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਆਦਿ ਹਾਜ਼ਰ ਸਨ |