ਅੰਮਿ੍ਤਸਰ, 20 ਜੁਲਾਈ (ਵਿ:ਪ੍ਰ:)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਗੁ: ਸ੍ਰੀ ਗੁਰੂ ਸਿੰਘ ਸਭਾ, ਸ਼ਿਮਲਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ | ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਕਮੇਟੀ ਵਲੋਂ ਕਰਵਾਏ ਗਏ ਇਸ ਸਮਾਗਮ ਮੌਕੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਦੀ ਸੇਧ ਵਿਚ ਸੰਗਤ ਨੂੰ ਜੀਵਨ ਜੀਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਇਕ ਲਾਸਾਨੀ ਮਿਸਾਲ ਹੈ | ਗੁਰੂ ਸਾਹਿਬ ਨੇ ਨਾ ਸਿਰਫ ਸਿੱਖ ਧਰਮ ਦੀ, ਸਗੋਂ ਸਮੂਹ ਕੌਮਾਂ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮਾਗਮਾਂ ਮੌਕੇ ਕੀਤੇ ਜਾਂਦੇ ਸਨਮਾਨ ਦੇ ਸੰਬੰਧ ਵਿਚ ਵਿਸ਼ੇਸ਼ ਤੌਰ 'ਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿਰੋਪਾਓ ਦਾ ਸਿੱਖ ਪਰੰਪਰਾ ਵਿਚ ਬਹੁਤ ਉੱਚਾ ਸਤਿਕਾਰ ਹੈ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਹਰੇਕ ਸਾਲ ਲੱਖਾਂ ਦੀ ਗਿਣਤੀ ਵਿਚ ਸਿੱਖ ਰਹਿਤ ਮਰਿਆਦਾ ਪ੍ਰਕਾਸ਼ਿਤ ਕਰਕੇ ਸੰਗਤ ਤੱਕ ਮੁਫ਼ਤ ਪਹੁੰਚਾਈ ਜਾਂਦੀ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾਂ ਅੱਗੇ ਆਉਣ ਦੀ ਅਪੀਲ ਕੀਤੀ | ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਅੰਮਿ੍ਤਪਾਲ ਸਿੰਘ ਕੁਲਾਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਗੁਰਦੁਆਰਾ ਸਿੰਘ ਸਭਾ ਸ਼ਿਮਲਾ ਦੇ ਪ੍ਰਧਾਨ ਜਸਵਿੰਦਰ ਸਿੰਘ, ਕਰਨੈਲ ਸਿੰਘ, ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਭਾਈ ਗੁਰਦੀਪ ਸਿੰਘ ਆਦਿ ਹਾਜ਼ਰ ਸਨ |
350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ 'ਚ ਸ਼ਿਮਲਾ ਵਿਖੇ ਗੁਰਮਤਿ ਸਮਾਗਮ
ਅਜੀਤ ਡੈਸਕ
21-07-2025