ਰਾਜਾਸਾਂਸੀ, 20 ਜੁਲਾਈ (ਹਰਦੀਪ ਸਿੰਘ ਖੀਵਾ)-ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਗਿੱਲ ਮੰਝ ਨਾਲ ਸੰਬੰਧਿਤ 40 ਸਾਲਾ ਰਣਜੀਤ ਸਿੰਘ ਪੁੱਤਰ ਫੌਜਾ ਸਿੰਘ ਦੀ ਮਿ੍ਤਕ ਦੇਹ ਅੱਜ ਦੁਬਈ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਰਣਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਪਿਛਲੇ 4 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਦੱਸਣ ਮੁਤਾਬਿਕ ਬੀਤੀ 4 ਜੁਲਾਈ ਨੂੰ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ | ਉਨ੍ਹਾਂ ਦੱਸਿਆ ਕਿ ਅੱਜ ਅੰਮਿ੍ਤਸਰ ਹਵਾਈ ਅੱਡੇ ਤੋਂ ਮਿ੍ਤਕ ਦੇਹ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮਨਪ੍ਰੀਤ ਸਿੰਘ ਕੰਬੋਜ਼ ਵਲੋਂ ਪ੍ਰਾਪਤ ਕਰਕੇ ਟਰੱਸਟ ਦੀ ਹੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜੀ ਗਈ ਹੈ | ਇਸ ਦੌਰਾਨ ਹਵਾਈ ਅੱਡੇ 'ਤੇ ਮੌਜੂਦ ਮਿ੍ਤਕ ਦੇ ਸਾਲਾ ਸੰਤੋਖ ਸਿੰਘ ਤੇ ਗੁਰਪ੍ਰੀਤ ਸਿੰਘ, ਭਰਾ ਮਨਵਿੰਦਰ ਸਿੰਘ, ਸਰਪੰਚ ਸੁਖਦੀਪ ਸਿੰਘ ਅਤੇ ਕੁਲਵੰਤ ਸਿੰਘ ਆਦਿ ਨੇ ਧੰਨਵਾਦ ਕੀਤਾ |