ਅੰਮਿ੍ਤਸਰ, 20 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਸਿੱਖਿਆ ਦੇ ਖੇਤਰ 'ਚ ਲਗਾਤਾਰ ਨਵੀਆਂ ਉਚਾਈਆਂ ਪ੍ਰਾਪਤ ਕਰ ਰਿਹਾ ਹੈ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਸਭ ਤੋਂ ਵਧੀਆ ਪ੍ਰਦਰਸ਼ਨ ਕਰ ਰਹੇ ਹਨ | ਇਸੇ ਲੜੀ ਦੇ ਤਹਿਤ ਬੀ. ਸੀ. ਏ. ਦੇ ਛੇਵੇਂ ਸਮੈਸਟਰ ਦੀ ਹਰਜੈਸਮੀਨ ਨੇ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਉਸ ਨੇ 2400 'ਚੋਂ 2100 ਅੰਕ ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਹਰਜੈਸਮੀਨ ਨੇ ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਹਮੇਸ਼ਾ ਯੂਨੀਵਰਸਿਟੀ ਦੀ ਟਾਪ ਲਿਸਟ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਗੁਪਤਾ ਨੇ ਵਿਦਿਆਰਥੀਆਂ ਦੀ ਸਫਲਤਾ 'ਤੇ ਖੁਸ਼ੀ ਪ੍ਰਗਟ ਕੀਤੀ | ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਵਿਕਰਮ ਸ਼ਰਮਾ ਨੇ ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਅਤੇ ਸਟਾਫ਼ ਦੀ ਸਖ਼ਤ ਮਿਹਨਤ ਨੂੰ ਦਿੱਤਾ | ਇਸ ਮੌਕੇ ਪ੍ਰੋ. ਪੁਨੀਤ ਸ਼ਰਮਾ ਅਤੇ ਪ੍ਰੋ. ਨਿਧੀ ਕੌਸ਼ਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |