ਛੇਹਰਟਾ, 6 ਨਵੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਮੂਹ ਸਿੱਖ ਸੰਪਰਦਾਵਾਂ, ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਸ਼ਤਾਬਦੀ ਤੇਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਗੁਰਿਆਈ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਜੋ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ, ਧੋਬੜੀ ਸਾਹਿਬ (ਅਸਾਮ) ਤੋਂ ਆਰੰਭ ਹੋਇਆ ਸੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਉਕਤ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਕੱਲ੍ਹ ਦੇਰ ਰਾਤ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਪੁੱਜੇਗਾ ਤੇ ਰਾਤ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਸ਼ਰਾਮ ਕਰਨ ਤੋਂ ਬਾਅਦ 7 ਨਵੰਬਰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਵੇਗਾ | ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਤੇ ਸੇਵਾ ਸੁਸਾਇਟੀਆਂ ਦੇ ਆਗੂ ਤੇ ਵੱਡੀ ਗਿਣਤੀ ਦੇ ਵਿਚ ਸੰਗਤਾਂ ਨਤਮਸਤਕ ਹੋਣਗੀਆਂ |