29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵਿਭਾਗ ਨੇ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 08-11-2025
ਅੰਮਿ੍ਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਸੱਦੇ 'ਤੇ ਸਰਕਾਰੀ ਸਰੂਪ ਰਾਣੀ ਕਾਲਜ ਦੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਕਾਲਜ ਦੇ ਮੁੱਖ ਗੇਟ ਅੱਗੇ ਉਚੇਰੀ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਫੂਕ ਕੇ ਵਿਰੋਧ ਜਤਾਇਆ | ਡਾ. ਗੁਨੀਤ ਕੌਰ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ 'ਚ ਨਾਦਰਸ਼ਾਹੀ ਢੰਗ ਨਾਲ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਰੈਗੂਲਰ ਸੇਵਾਵਾਂ ਨੂੰ ਸੰਕੇਤਕ ਰੂਪ 'ਚ 17 ਫਰਵਰੀ 2026 ਤੱਕ ਸੀਮਤ ਕੀਤਾ ਗਿਆ ਹੈ ਜਦਕਿ ਸਰਵਉੱਚ ਅਦਾਲਤ ਵਲੋਂ ਸਪਸ਼ਟ ਰੂਪ 'ਚ ਅਜਿਹਾ ਕੋਈ ਆਦੇਸ਼ ਜਾਰੀ ਨਹੀਂ ਹੋਇਆ ਹੈ | ਡਾ. ਤਜਿੰਦਰ ਕੌਰ ਨੇ ਦੱਸਿਆ ਕਿ ਪੱਤਰ ਮੁਤਾਬਕ 1158 ਫ਼ਰੰਟ ਦੇ ਮਹਿਲਾ ਪ੍ਰੋਫ਼ੈਸਰਾਂ ਨੂੰ ਮਿਲਣ ਵਾਲੀ ਜਣੇਪਾ ਛੁੱਟੀ ਤੱਕ ਨੂੰ ਵੀ 180 ਦਿਨਾਂ ਤੋਂ ਘੱਟ ਕਰਕੇ 17 ਫਰਵਰੀ 2026 ਤੱਕ ਸੀਮਤ ਕਰ ਦਿੱਤਾ ਗਿਆ ਹੈ ਜੋ ਕਿ ਸੰਵਿਧਾਨਿਕ ਤੌਰ 'ਤੇ ਗ਼ੈਰ ਕਾਨੂੰਨੀ ਅਤੇ ਮਾਨਵੀ ਪੱਧਰ ਉੱਤੇ ਸ਼ਰਮਨਾਕ ਹੈ | ਪ੍ਰੋ. ਗੁਰਿੰਦਰ ਕੌਰ ਨੇ ਦੋਸ਼ ਲਾਇਆ ਕਿ ਪੱਤਰ ਵਿਚ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਸਪਸ਼ਟ ਤੌਰ 'ਤੇ ਜ਼ਿਕਰ ਕਰਦੇ ਹੋਏ 'ਉੱਚ ਅਧਿਆਨ ਲਈ ਛੁੱਟੀ', ਮੈਡੀਕਲ ਛੁੱਟੀ, ਇਥੋਂ ਤੱਕ ਕਿ ਤਨਖ਼ਾਹ ਤੋਂ ਬਿਨਾਂ ਛੁੱਟੀ 'ਤੇ ਵੀ ਪਾਬੰਦੀ ਲਾਉਣ ਦੀ ਗੱਲ ਆਖੀ ਗਈ ਹੈ ਜੋ ਪੰਜਾਬ ਸਿਵਿਲ ਸੇਵਾ ਨਿਯਮਾਂ ਅਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ | ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਰੁਜ਼ਗਾਰ ਨੂੰ ਵਿਭਾਗ ਵਲੋਂ ਸੰਕੇਤਕ ਰੂਪ 'ਚ 17 ਫਰਵਰੀ 2026 ਤੱਕ ਸੀਮਤ ਕਰਨਾ, ਹੱਕੀ ਛੁੱਟੀਆਂ ਉੱਪਰ ਜ਼ਬਰੀ ਪਾਬੰਧੀ ਆਇਦ ਕਰਨ ਦਾ ਵਤੀਰਾ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਨੂੰ ਨਸ਼ਰ ਕਰਦਾ ਹੈ | ਪ੍ਰੋ. ਅਮਨਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਇਸ ਲੋਕ ਦੋਖੀ ਕਿਰਦਾਰ ਨੂੰ ਪੰਜਾਬ ਦੇ ਲੋਕਾਂ ਦੀ ਕਚਹਿਰੀ 'ਚ ਹੋਰ ਬੇਨਕਾਬ ਕਰਨ ਲਈ ਉਹ ਆਉਂਦੇ ਐਤਵਾਰ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਦਾ ਘਿਰਾਓ ਕਰਨਗੇ | ਇਸ ਮੌਕੇ ਪ੍ਰੋ. ਜਗਵੀਰ ਸਿੰਘ ਨੇ ਕੇਂਦਰ ਸਰਕਾਰ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਹੁਕਮਾਂ ਦੀ ਫ਼ਰੰਟ ਵਲੋਂ ਨਿਖੇਧੀ ਵੀ ਕੀਤੀ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇੰਟਰ-ਜ਼ੋਨ ਯੂਥ ਫੈਸਟੀਵਲ ਦਾ ਆਗਾਜ਼ ਅਗਲੀ ਖ਼ਬਰ ਕੂੜੇ ਨੂੰ ਲੈ ਕੇ ਇਲਾਕਾ ਵਾਸੀਆਂ ਪ੍ਰਸ਼ਾਸਨ ਖ਼ਿਲਾਫ਼ ਕੀਤਾ ਗੁੱਸਾ ਜ਼ਾਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।