17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਸੰਬੰਧੀ ਅਕਾਲ ਤਖ਼ਤ ਸਾਹਿਬ ਤੋਂ ਆਲੌਕਿਕ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 27-12-2025
ਅੰਮਿ੍ਤਸਰ, 26 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ | ਦੁਪਹਿਰ 12 ਵਜੇ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਨਗਰ ਕੀਰਤਨ ਦੀ ਆਰੰਭਤਾ ਮੌਕੇ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਪਾਵਨ ਸਰੂਪ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ | ਇਸ ਦੌਰਾਨ ਘੰਟਾ ਘਰ ਪਲਾਜ਼ਾ ਵਿਖੇ ਪਾਵਨ ਸਰੂਪ ਨੂੰ ਸੁਨਹਿਰੀ ਪਾਲਕੀ ਵਿਚ ਬਿਰਾਜਮਾਨ ਕੀਤਾ ਗਿਆ ਤੇ ਇਸ ਨਗਰ ਕੀਰਤਨ ਵਿਚ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ, ਧਾਰਮਿਕ ਸਭਾ ਸੁਸਾਇਟੀਆਂ ਨਾਲ ਸੰਬੰਧਿਤ ਸ਼ਬਦੀ ਜਥਿਆਂ ਤੇ ਸੰਗਤਾਂ, ਖ਼ਾਲਸਾਈ ਸ਼ਸ਼ਤਰ ਕਲਾ ਦੇ ਜੌਹਰ ਦਿਖਾਉਂਦੀਆਂ ਗਤਕਾ ਪਾਰਟੀਆਂ, ਸ਼ਬਦਾਂ ਦੀਆਂ ਧੁਨਾਂ ਵਜਾਉਂਦੀਆਂ ਤੇ ਬੈਂਡ ਪਾਰਟੀਆਂ ਤੇ ਪੀ. ਟੀ. ਸ਼ੋਅ ਪੇਸ਼ ਕਰਦੇ ਸਕੂਲੀ ਬੱਚਿਆਂ ਨੇ ਵੀ ਸ਼ਰਧਾ ਸਹਿਤ ਸ਼ਿਰਕਤ ਕੀਤੀ | ਇਸ ਮੌਕੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ | ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਬਖ਼ਸ਼ੀ ਖੰਡੇ ਬਾਟੇ ਦੀ ਦਾਤ ਪ੍ਰਾਪਤ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ | ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਉਪਰੰਤ ਨਗਰ ਕੀਰਤਨ ਦਰਬਾਰ ਸਾਹਿਬ ਪਰਿਕਰਮਾ, ਘੰਟਾ ਘਰ ਪਲਾਜ਼ਾ, ਬਾਜ਼ਾਰ ਮਾਈ ਸੇਵਾਂ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਂਸਾਂ ਵਾਲਾ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਬਾਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ ਅਤੇ ਚੌਂਕ ਪ੍ਰਾਗਦਾਸ ਆਦਿ ਥਾਵਾਂ 'ਤੋਂ ਹੁੰਦਾ ਹੋਇਆ ਤੇ ਗਲਿਆਰਾ ਰਾਹੀਂ ਦਰਬਾਰ ਸਾਹਿਬ ਦੀ ਪਰਿਕਰਮਾ ਕਰਦਾ ਹੋਇਆ ਬਾਅਦ ਦੁਪਹਿਰ ਦਰਬਾਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ ਤੇ ਮਨਜੀਤ ਸਿੰਘ ਤਲਵੰਡੀ, ਦਰਬਾਰ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸੁਪਰਡੈਂਟ ਧਰਮ ਪ੍ਰਚਾਰ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ ਤੇ ਬਲਵਿੰਦਰ ਸਿੰਘ, ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ, ਰਣਧੀਰ ਸਿੰਘ ਵਰਪਾਲ, ਸਤਨਾਮ ਸਿੰਘ ਤੇ ਜਗਦੀਸ਼ ਸਿੰਘ ਵਾਲੀਆ ਸਮੇਤ ਹੋਰ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ | ਇਥੇ ਜ਼ਿਕਰਯੋਗ ਹੈ ਕਿ ਇਸ ਵਾਰ ਸ਼ਹੀਦੀ ਦਿਹਾੜਾ ਤੇ ਪ੍ਰਕਾਸ਼ ਪੁਰਬ ਇਕੋ ਦਿਨ ਆਉਣ ਕਰਕੇ ਨਗਰ ਕੀਰਤਨ ਵਿਚ ਸੰਗਤਾਂ ਦੀ ਸ਼ਮੂਲੀਅਤ ਪਿਛਲੇ ਸਾਲਾਂ ਨਾਲੋਂ ਘੱਟ ਰਹੀ |


ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ ਅਗਲੀ ਖ਼ਬਰ ਪੇਂਟਿੰਗ ਕਲਾਕਾਰ ਜਗਜੋਤ ਸਿੰਘ ਰੂਬਲ ਨੇ ਬਣਾਈ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।