ਝਬਾਲ, 15 ਜੁਲਾਈ (ਸੁਖਦੇਵ ਸਿੰਘ)-ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਥਾਣਾ ਝਬਾਲ ਦੇ ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਵਲੋਂ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਵਿਦਿਆਰਥੀਆਂ ਅੰਦਰ ਜ਼ੋਸ਼ ਭਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਤਾਕਤ ਨੂੰ ਸਮਝਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਸਾਂਝੀ ਕੀਤੀ ਗਈ ਛੋਟੀ ਜਿਹੀ ਜਾਣਕਾਰੀ ਪ੍ਰਸ਼ਾਸਨ ਲਈ ਵਡਮੁੱਲੀ ਸਾਬਿਤ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਨਸ਼ਾ ਤਸਕਰਾਂ 'ਤੇ ਕਾਰਵਾਈ ਕਰ ਰਹੀ ਹੈ, ਉਥੇ ਇਸ ਦਲਦਲ ਵਿਚ ਫਸ ਚੁੱਕੀ ਸਾਡੀ ਨੌਜਵਾਨ ਪੀੜ੍ਹੀ ਦੀ ਸੰਭਾਲ ਕਰ ਰਹੀ ਹੈ ਤੇ ਨਸ਼ਾ ਛੁਡਾਓ ਕੇਂਦਰਾਂ ਵਿਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਪੱਧਰ 'ਤੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ | ਇਸ ਮੌਕੇ ਪਿ੍ੰਸੀਪਲ ਤਰਨਜੀਤ ਸਿੰਘ ਨੇ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲੀ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |