ਪੱਟੀ, 15 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਤੇ ਸ਼ਹਿਰਾਂ ਵਿਚ ਫਿਰ ਤੋਂ ਜਾਗਰੂਕਤਾ ਮੀਟਿੰਗਾਂ ਸ਼ੁਰੂ ਕੀਤੀਆਂ ਜਾਣਗੀਆਂ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ. ਪੱਟੀ ਪ੍ਰੀਤਇੰਦਰ ਸਿੰਘ ਬੈਂਸ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਨਸ਼ਾ ਮੁਕਤੀ ਮੋਰਚਾ ਦੇ ਅਧਿਕਾਰੀਆਂ ਅਤੇ ਗ੍ਰਾਮ ਰਕਸ਼ਾ ਸਮਿਤੀਆਂ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਸ਼ੇ ਤੋਂ ਮੁਕਤੀ ਲਈ ਲੋਕਾਂ ਨਾਲ ਸਿੱਧੇ ਤੌਰ 'ਤੇ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਤੋਂ ਪੀੜਤ ਮਰੀਜ਼ਾਂ ਨੂੰ ਸਹੀ ਇਲਾਜ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਤਸਕਰਾਂ ਨੂੰ ਫੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਯਾਤਰਾ ਨਹੀਂ, ਸਗੋਂ ਇਕ ਸਮਾਜਿਕ ਸੰਕਲਪ ਹੈ | ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਪੇ ਨੂੰ ਇਸ ਲਹਿਰ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦੇ ਹਨ | ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਲੜਾਈ ਹੁਣ ਹਰ ਪਿੰਡ ਤੇ ਸ਼ਹਿਰ ਵਿਚ ਸ਼ੁਰੂ ਹੋ ਗਈ ਹੈ ਤੇ ਕਿਸੇ ਵੀ ਨਸਾ ਤਸਕਰ ਦਾ ਪੰਜਾਬ ਨਿਵਾਸੀ ਸਾਥ ਨਹੀਂ ਦੇਣਗੇ | ਇਸ ਮੌਕੇ ਲਵਕੇਸ਼ ਸੈਣੀ ਡੀ.ਐਸ.ਪੀ. ਪੱਟੀ, ਕੁਲਵਿੰਦਰ ਸਿੰਘ ਨਾਇਬ ਤਹਿਸੀਲਦਾਰ, ਰਣਜੀਤ ਖੁੱਲਰ ਤਹਿਸੀਲਦਾਰ ਪੱਟੀ, ਸੁਰਜੀਤ ਸਿੰਘ ਬੀ.ਡੀ.ਓ. ਪੱਟੀ, ਬਲਜਿੰਦਰ ਸਿੰਘ ਬੀ.ਡੀ.ਓ. ਸਮੇਤ ਹੋਰ ਅਫ਼ਸਰ ਆਦਿ ਹਾਜ਼ਰ ਸਨ |