ਤਰਨ ਤਾਰਨ, 16 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਆਪਣੇ ਤਿੰਨ ਸਾਲਾਂ ਤੋਂ ਜ਼ਿਆਦਾ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਕਿਸੇ ਵਰਗ ਦੀਆਂ ਹੱਕੀ ਅਤੇ ਜਾਇਜ ਮੰਗਾਂ ਦਾ ਹੱਲ ਨਹੀਂ ਕਰ ਸਕੀ | ਹੁਣ ਤੱਕ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਕਿਸੇ ਮਸਲੇ 'ਤੇ ਸੁਹਿਰਦ ਨਜ਼ਰ ਨਹੀਂ ਆਈ | ਮੁਲਾਜ਼ਮ ਵਰਗ ਵਿਚੋਂ ਸਮਾਜ ਨੂੰ ਸੇਧ ਦੇਣ ਵਾਲੇ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵੀ ਇਹ ਵਾਜਿਬ ਹੱਲ ਨਹੀਂ ਕਰ ਸਕੇ, ਸਗੋਂ ਅਧਿਆਪਕ ਵਰਗ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦੇ ਗ਼ਲਤ ਫੈਸਲਿਆਂ ਕਰਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਵਿਚ ਲਏ ਫੈਸਲੇ ਅਨੁਸਾਰ 5178 ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੇ ਪੂਰੀ ਤਨਖਾਹ ਅਨੁਸਾਰ ਬਕਾਏ ਜਾਰੀ ਕਰਨ ਵਿਚ ਹੋ ਰਹੀ ਦੇਰੀ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਦਿੱਤਾ ਗਿਆ | ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਠੱਠਗੜ੍ਹ, ਜਨਰਲ ਸਕੱਤਰ ਅਮਰਦੀਪ ਸ਼ਰਮਾ, ਵਿੱਤ ਸਕੱਤਰ ਭੁਪਿੰਦਰ ਸਿੰਘ ਨਾਗੀ, ਸੀਨੀਅਰ ਮੀਤ ਪ੍ਰਧਾਨ ਕੰਵਰਦੀਪ ਸਿੰਘ ਢਿੱਲੋਂ, ਪ੍ਰੈੱਸ ਸਕੱਤਰ ਪਿ੍ੰਸਦੀਪ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਬੀਰ ਸਿੰਘ ਲਾਡੀ, ਸਰਬਜੀਤ ਸਿੰਘ, ਹਰਸਿਮਰਤ ਕੌਰ, ਜਸਕੀਰਤ ਸਿੰਘ, ਅਮਨਿੰਦਰ ਸਿੰਘ, ਗੁਰਪ੍ਰੀਤ ਸਿੰਘ ਹੈੱਡ, ਅਮਰਿੰਦਰ ਸਿੰਘ, ਵਰਿੰਦਰ ਸਿੰਘ ਅਤੇ 5178 ਅਧਿਆਪਕ ਵਿਚੋਂ ਰਾਜਬੀਰ ਕੌਰ, ਪ੍ਰੀਤੀ ਵਾਲੀਆ, ਸੁਨੀਤਾ, ਮਨਦੀਪ ਕੌਰ, ਰਵਿੰਦਰ ਪਾਲ ਕੌਰ, ਭਿੰਡਰਜੀਤ ਕੌਰ, ਸਿਮਰਤ ਕੌਰ ਬਾਕੀ ਮੌਜੂਦ ਆਗੂਆਂ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵਲੋਂ ਮਿਤੀ 26 ਫਰਵਰੀ 2025 ਨੂੰ ਜੁਬਾਨੀ ਹੁਕਮ ਜਾਰੀ ਕਰਦੇ ਹੋਏ 5178 ਅਧਿਆਪਕਾਂ ਨੂੰ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ | ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜਮ੍ਹਾਂ ਕੀਤੀ ਕਾਰਵਾਈ ਰਿਪੋਰਟ ਵਿਚ ਵੀ ਸਿੱਖਿਆ ਵਿਭਾਗ ਵਲੋਂ ਇਸ ਫ਼ੈਸਲੇ ਨੂੰ ਜਰਨਲਾਇਜ਼ ਕਰਨਾ ਅੰਕਿਤ ਕੀਤਾ ਗਿਆ ਸੀ, ਪ੍ਰੰਤੂ ਹਾਲੇ ਤੱਕ 5178 ਭਰਤੀ ਵਿਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਨਹੀਂ ਦਿੱਤੇ ਗਏ ਹਨ | ਜਦਕਿ ਜਥੇਬੰਦੀ ਦੀਆਂ ਜੂਨ 2025 ਦਰਮਿਆਨ ਸਿੱਖਿਆ ਸਕੱਤਰ (ਸਕੂਲਜ਼) ਅਤੇ ਕੈਬਨਿਟ ਸਬ ਕਮੇਟੀ ਨਾਲ ਹੋਈਆਂ ਮੀਟਿੰਗਾਂ ਵਿਚ ਇਕ ਕਾਡਰ 'ਤੇ ਇਕੋ ਜਿਹਾ ਤਨਖ਼ਾਹ ਸਕੇਲ ਲਾਗੂ ਹੋਣ ਦੇ ਤੈਅਸ਼ੁਦਾ ਨਿਯਮ ਤਹਿਤ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਉਨ੍ਹਾਂ ਮੰਗ ਕੀਤੀ ਕਿ ਸਮੂਹ 5178 ਅਧਿਆਪਕਾਂ ਨੂੰ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੇ ਤਨਖ਼ਾਹ ਸਕੇਲ ਅਨੁਸਾਰ ਬਣਦੇ ਬਕਾਏ ਬਿਨਾਂ ਕਿਸੇ ਪਟੀਸ਼ਨਰ ਜਾਂ ਨਾਨ-ਪਟੀਸ਼ਨਰ ਦਾ ਵਖਰੇਵਾਂ ਕੀਤਿਆਂ ਜਾਰੀ ਕਰਨ ਲਈ ਜਲਦ ਲੋੜੀਂਦਾ ਸਪੱਸ਼ਟੀਕਰਨ ਪੱਤਰ ਜਾਰੀ ਕੀਤਾ ਜਾਵੇ |