ਤਰਨ ਤਾਰਨ, 18 ਜੁਲਾਈ (ਇਕਬਾਲ ਸਿੰਘ ਸੋਢੀ)-ਪੁਲਿਸ ਚੌਂਕੀ ਧੌੜਾ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 80 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਤਰਨ ਤਾਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਚੌਂਕੀ ਇੰਚਾਰਜ ਐੱਸ.ਆਈ.ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ਗੁਰੂ ਕਾ ਖੂਹ ਪੁਲ ਗੰਦਾ ਨਾਲਾ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਦੌਰਾਨ ਪਲਵਿੰਦਰ ਸਿੰਘ ਅਤੇ ਮੇਜਰ ਸਿੰਘ ਪੁੱਤਰਾਨ ਸੁਰਜੀਤ ਸਿੰਘ ਵਾਸੀਅਨ ਪਿੰਡ ਗੋਹਲਵੜ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ |