ਤਰਨ ਤਾਰਨ, 19 ਜੁਲਾਈ (ਇਕਬਾਲ ਸਿੰਘ ਸੋਢੀ)-ਹਲਕਾ ਖਡੂਰ ਸਾਹਿਬ ਦੇ ਪਿੰਡ ਨੋਨੇ ਅਤੇ ਪੱਖੋਕੇ ਵਿਚ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮ ਦਾ ਸਫ਼ਲਤਾ ਪੂਰਵਕ ਆਯੋਜਨ ਕੀਤਾ ਗਿਆ | ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਮਕਸਦ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮੂਹ ਸਮਾਜ ਦੀ ਸਹਿਭਾਗਤਾ ਨੂੰ ਉਤਸ਼ਾਹਿਤ ਕਰਨਾ ਹੈ | ਪ੍ਰੋਗਰਾਮ ਵਿਚ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਕੋਆਰਡੀਨੇਟਰ ਜਸਕਰਨ ਸਿੰਘ ਲਾਡੀ ਦੇ ਨਾਲ ਚੇਅਰਮੈਨ ਮੰਡੀ ਬੋਰਡ ਨੌਸ਼ਹਿਰਾ ਪੰਨੂੰਆਂ ਹਰਜੀਤ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਬਚਾਉਣ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ | ਚੇਅਰਮੈਨ ਹਰਜੀਤ ਸਿੰਘ ਸੰਧੂ ਨੇ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਅਜਿਹੇ ਵਿਅਕਤੀਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀ, ਜਿਸ ਦੀ ਪਛਾਣ ਗੁਪਤ ਰੱਖੀ ਜਾਵੇਗੀ | ਇਸ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਮਾਲੂਵਾਲ ਅਤੇ ਦਬੂਲੀਆਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਮੀਟਿੰਗਾਂ ਹੋਈਆਂ, ਜਿਸ ਵਿਚ ਚੇਅਰਮੈਨ ਮਾਰਕੀਟ ਕਮੇਟੀ ਝਬਾਲ ਬਲਵਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਜਾਗਰੂਕਤਾ ਪ੍ਰੋਗਰਾਮ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ | ਇਸ ਮੌਕੇ ਜਸਕਰਨ ਸਿੰਘ ਲਾਡੀ, ਵਾਈਸ ਕੁਆਰਡੀਨੇਟਰ ਬਚਿੱਤਰ ਸਿੰਘ ਪੱਖੋਕੇ, ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਮੁਹਤਬਰ ਆਗੂ ਹਾਜ਼ਰ ਸਨ |