ਪੱਟੀ, 20 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਨਗਰ ਕੌਂਸਲ ਪੱਟੀ ਦੇ ਕਾਰਜ ਸਾਧਕ ਅਫਸਰ ਅਨਿਲ ਕੁਮਾਰ ਚੋਪੜਾ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 31 ਜੁਲਾਈ ਤੱਕ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ, ਜਿਸ ਲਈ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਾਲਣਾ ਕਰਦਿਆਂ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਲਈ ਦਫਤਰ 'ਚ ਮੁਲਾਜ਼ਮ ਹਾਜ਼ਰ ਰਹਿਣਗੇ | ਉਨ੍ਹਾਂ ਕਿਹਾ ਕਿ 31 ਮਾਰਚ ਤੋਂ ਬਾਅਦ ਨਗਰ ਕੌਂਸਲ ਵਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਪ੍ਰਾਪਰਟੀ ਮਾਲਕਾਂ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਜਿੰਨਾ ਪ੍ਰਾਪਟੀਆਂ ਦਾ ਜਿਆਦਾ ਟੈਕਸ ਹੈ, ਉਸ ਨੂੰ ਸੀਲ੍ਹ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਮੁਲਾਜ਼ਮਾਂ ਵਲੋਂ ਰੋਜ਼ਾਨਾਂ ਸ਼ਹਿਰ ਦੇ ਲੋਕਾਂ ਨੂੰ ਬਾਜ਼ਾਰਾਂ 'ਚ ਜਾ ਕੇ ਅਤੇ ਮੁਨਾਦੀ ਰਾਹੀਂ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਬਣਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਦਾਇਤਾਂ ਹਨ ਕਿ ਜਿੰਨਾਂ ਦਾ ਪ੍ਰਾਪਰਟੀ ਟੈਕਸ ਰਹਿੰਦਾ ਹੈ, ਉਹ ਰਿਕਵਰ ਕੀਤਾ ਜਾਵੇ | ਇੱਥੇ ਜਿਕਰਯੋਗ ਹੈ ਕਿ ਸ਼ਹਿਰ ਦੇ ਕੁਝ ਲੋਕਾਂ ਵਲੋਂ ਪਿਛਲੇ 10-12 ਸਾਲ ਤੋਂ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਏ ਗਏ | ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਕਈ ਵਾਰ ਨੋਟਿਸ ਭੇਜੇ ਗਏ ਹਨ ਜਿਨ੍ਹਾਂ ਨੂੰ ਲੋਕਾਂ ਵਲੋਂ ਅਣਗੋਲਿਆ ਕੀਤਾ ਗਿਆ ਹੈ |