ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸਿੱਖਿਆ ਅਧਿਕਾਰ ਕਾਨੂੰਨ 2009 ਦੀ ਉਲੰਘਣਾ ਕਰਦਿਆਂ ਸਕੂਲ ਮੈਨੇਜ਼ਮੈਂਟ ਕਮੇਟੀਆਂ ਦੀ ਬਣਤਰ ਬਾਰੇ ਨੋਟੀਫਿਕੇਸ਼ਨ ਜਾਰੀ ਕਰਕੇ ਸਕੂਲਾਂ ਵਿਚ ਬਣ ਰਹੀਆਂ ਮੈਨੇਜਮੈਂਟ ਕਮੇਟੀਆਂ ਵਿਚ ਰਾਜਨੀਤਿਕ ਦਖਲਅੰਦਾਜ਼ੀ ਦਾ ਰਾਹ ਖੋਲ੍ਹ ਦਿੱਤਾ ਗਿਆ ਸੀ | ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਪੰਜਾਬ ਸਰਕਾਰ ਦੀ ਅਜਿਹੀ ਦਖ਼ਲਅੰਦਾਜ਼ੀ ਖਿਲਾਫ ਆਵਾਜ਼ ਉਠਾਈ ਗਈ ਸੀ ਅਤੇ ਖਦਸ਼ੇ ਜ਼ਾਹਿਰ ਕੀਤੇ ਗਏ ਸਨ ਕਿ ਸਕੂਲਾਂ ਵਿਚ ਇਸ ਕਿਸਮ ਦੀ ਰਾਜਨੀਤਿਕ ਦਖਲਅੰਦਾਜ਼ੀ ਦਾ ਵਿੱਦਿਅਕ ਮਾਹੌਲ 'ਤੇ ਮਾੜਾ ਅਸਰ ਪਵੇਗਾ | ਪਿਛਲੇ ਦਿਨਾਂ ਦੀਆਂ ਹੁਸ਼ਿਆਰਪੁਰ ਦੇ ਤਲਵਾੜਾ ਅਤੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਰਾਮਨਗਰ ਦੇ ਸਰਕਾਰੀ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਦੇ ਗਠਨ ਸਮੇਂ ਵਾਪਰੀਆਂ ਘਟਨਾਵਾਂ ਨੇ ਡੀ.ਟੀ.ਐੱਫ. ਦੇ ਖ਼ਦਸ਼ਿਆਂ ਨੂੰ ਸਹੀ ਸਾਬਿਤ ਕਰ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਠੱਠਗੜ੍ਹ, ਸੀਨੀਅਰ ਮੀਤ ਪ੍ਰਧਾਨ ਕੰਵਰਦੀਪ ਸਿੰਘ ਢਿੱਲੋਂ, ਜਨਰਲ ਸਕੱਤਰ ਅਮਰਦੀਪ ਸ਼ਰਮਾ, ਵਿੱਤ ਸਕੱਤਰ ਭੁਪਿੰਦਰ ਸਿੰਘ ਨਾਗੀ, ਪ੍ਰੈੱਸ ਸਕੱਤਰ ਪਿ੍ੰਸਦੀਪ ਸਿੰਘ, ਜਸਕੀਰਤ ਸਿੰਘ, ਅਮਨਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਹਰਸਿਮਰਤ ਕੌਰ, ਅਮਰਿੰਦਰ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਹੈੱਡ, ਇੰਦਰਬੀਰ ਸਿੰਘ ਲਾਡੀ, ਗੁਰਬਾਜ਼ ਸਿੰਘ, ਵਰਿੰਦਰ ਸਿੰਘ ਅਤੇ ਬਾਕੀ ਮੌਜ਼ੂਦ ਆਗੂਆਂ ਨੇ ਕਿਹਾ ਕਿ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਕੂਲਾਂ ਵਿਚ ਬਣ ਰਹੀਆਂ ਸਕੂਲ ਮੈਨੇਜ਼ਮੈਂਟ ਕਮੇਟੀਆਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਹਿ 'ਤੇ ਰਾਜਨੀਤਿਕ ਵਿਅਕਤੀਆਂ ਦੀ ਸ਼ਮੂਲੀਅਤ ਅਤੇ ਦਖ਼ਲਅੰਦਾਜ਼ੀ ਖਿਲਾਫ਼ ਆਵਾਜ਼ ਉਠਾਈ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਿੱਖਿਆ ਅਧਿਕਾਰ ਕਾਨੂੰਨ ਦੀਆਂ ਉਲੰਘਣਾ ਕਰਦਾ ਹੋਇਆ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਪਿੰਡ ਤੋਂ ਬਾਹਰੀ ਵਿਅਕਤੀ ਵੀ ਸਕੂਲ ਮੈਨੇਜਮੈਂਟ ਕਮੇਟੀ ਦਾ ਮੈਂਬਰ ਬਣ ਸਕਦਾ ਹੈ | ਪਿਛਲੇ ਸਮੇਂ ਵਿਚ ਸਕੂਲ ਮੈਨੇਜਮੈਂਟ ਕਮੇਟੀਆਂ ਵਿਚ ਮਾਪੇ, ਇਕ ਪੰਚਾਇਤ ਦਾ ਚੁਣਿਆ ਹੋਇਆ ਮੈਂਬਰ ਅਤੇ ਵਿਦਿਆਰਥੀਆਂ ਦੁਆਰਾ ਚੁਣਿਆ ਹੋਇਆ ਇੱਕ ਸਿੱਖਿਆ ਮਾਹਰ ਕਮੇਟੀ ਦਾ ਮੈਂਬਰ ਬਣ ਸਕਦਾ ਸੀ, ਪਰ ਨਵੀਂ ਪ੍ਰੋਵੀਜ਼ਨ ਅਨੁਸਾਰ ਪੰਚਾਇਤ ਮੈਂਬਰ ਦੀ ਥਾਂ ਖੇਤਰ ਦੇ ਚੁਣੇ ਹੋਏ ਪ੍ਰਤੀਨਿਧ ਜਾਂ ਉਸ ਦੇ ਨੁੰਮਾਇੰਦੇ ਨੂੰ ਕਮੇਟੀ ਵਿਚ ਸ਼ਾਮਿਲ ਹੋਣ ਦੀ ਆਗਿਆ ਦਿੱਤੀ ਗਈ ਹੈ ਅਤੇ ਸਿੱਖਿਆ ਮਾਹਰ ਵੀ ਰਾਜਨੀਤਿਕ ਪਾਰਟੀ ਵਲੋਂ ਦਿੱਤੀ ਗਈ ਲਿਸਟ ਅਨੁਸਾਰ ਕਮੇਟੀ ਵਿੱਚ ਸ਼ਾਮਲ ਕੀਤੇ ਜਾ ਰਹੇ ਹਨ, ਜਿੰਨ੍ਹਾਂ ਦਾ ਸਿੱਖਿਆ ਸਰੋਕਾਰਾਂ ਨਾਲ ਕੋਈ ਵਾਸਤਾ ਨਹੀਂ | ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਨ੍ਹਾਂ ਰਾਜਨੀਤਿਕ ਵਿਅਕਤੀਆਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮਾਹੌਲ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਵਿਗਾੜਨਾ ਹੈ | ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਇਸ ਤਰ੍ਹਾਂ ਦੀਆਂ ਸਕੂਲਾਂ ਦੇ ਮਾਹੌਲ ਖਰਾਬ ਕਰਨ ਦੀਆਂ ਘਟਨਾਵਾਂ ਲਈ ਸਿੱਖਿਆ ਮੰਤਰੀ ਪੰਜਾਬ ਨੂੰ ਜਿੰਮੇਵਾਰ ਠਹਿਰਾਉਂਦਿਆਂ ਇਸ ਤਰ੍ਹਾਂ ਦੀ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਲਿਖਤੀ ਅਤੇ ਜ਼ੁਬਾਨੀ ਆਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ |