20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਤਰਨ ਤਾਰਨ ਜ਼ਿਮਨੀ ਚੋਣ 'ਚ 'ਆਪ' ਦਰਜ ਕਰੇਗੀ ਇਤਿਹਾਸਕ ਜਿੱਤ-ਭਗਵੰਤ ਮਾਨ <br/>

ਅਜੀਤ ਡੈਸਕ 04-11-2025
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਤਰਨ ਤਾਰਨ ਜ਼ਿਮਨੀ ਚੋਣ ਵਿਚ ਵੱਡੀ ਜਿੱਤ ਦਰਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਕੱਢੇ ਰੋਡ ਸ਼ੋਅ ਅਤੇ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਭਾਰੀ ਉਤਸ਼ਾਹ ਤੋਂ ਇਹ ਸਪੱਸ਼ਟ ਦਿਖ ਰਿਹਾ ਹੈ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ 'ਆਪ' ਤਰਨ ਤਾਰਨ ਵਿਚ ਵੱਡੀ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਰਕੇ ਲੋਕ ਪਾਰਟੀ ਦੀ ਵੱਡੀ ਜਿੱਤ ਨੂੰ ਯਕੀਨੀ ਬਣਾਉਣਗੇ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਕੋਈ ਠੋਸ ਮੁੱਦਾ ਨਾ ਹੋਣ ਕਰਕੇ ਵਿਰੋਧੀ ਧਿਰ ਦੇ ਆਗੂ ਸਿਰਫ਼ ਸਰਕਾਰ ਨੂੰ ਸਿਰਫ਼ ਬੇਵਜ੍ਹਾ ਭੰਡਣ ਦੇ ਉਦੇਸ਼ ਲਈ ਹੀ ਇਸ ਦੀ ਆਲੋਚਨਾ ਕਰ ਰਹੇ ਹਨ | ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਬੇਤੁਕੀਆਂ ਗੱਲਾਂ ਵੱਲ ਧਿਆਨ ਨਾ ਦੇ ਕੇ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੰਮ ਕਰਦੀ ਰਹੇਗੀ | ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਸਿਆਸੀ ਚਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਘਿਨਾਉਣੇ ਪਾਪ ਕੀਤੇ ਹਨ ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ | ਭਗਵੰਤ ਮਾਨ ਨੇ ਕਿਹਾ ਕਿ 2007-2017 ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ, ਜਦੋਂ ਟਰਾਂਸਪੋਰਟ, ਕੇਬਲ, ਰੇਤ, ਨਸ਼ਾ ਅਤੇ ਹੋਰ ਮਾਫੀਆ ਨੇ ਸੂਬੇ ਵਿਚ ਆਪਣੇ ਪੈਰ ਪਸਾਰੇ | ਮੁੱਖ ਮੰਤਰੀ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ | ਸੂਬਾ ਸਰਕਾਰ ਵਲੋਂ ਪੂਰੀ ਭਰਤੀ ਪ੍ਰਕਿਰਿਆ ਲਈ ਪੁਖਤਾ ਵਿਧੀ ਅਪਣਾਈ ਗਈ ਹੈ, ਜਿਸ ਸਦਕਾ ਇਨ੍ਹਾਂ 56,000 ਤੋਂ ਵੱਧ ਨੌਕਰੀਆਂ ਵਿਚੋਂ ਇਕ ਵੀ ਨਿਯੁਕਤੀ ਸੰਬੰਧੀ ਕਿਸੇ ਵਲੋਂ ਵੀ ਅਦਾਲਤ ਵਿਚ ਚੁਣੌਤੀ ਨਹੀਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਭਗਵੰਤ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨਾਲ ਨੌਜਵਾਨਾਂ ਦਾ ਸੂਬਾ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ ਜਿਸ ਕਾਰਨ ਹੁਣ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਵਿਚਾਰ ਛੱਡ ਕੇ ਇੱਥੇ ਹੀ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ | ਸੜਕ ਸੁਰਖਿਆ ਫੋਰਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੈਂਕੜੇ ਜਾਨਾਂ ਬਚਾਈਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 848 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਐਨ.ਈ.ਈ.ਟੀ. ਪ੍ਰੀਖਿਆ ਪਾਸ ਕੀਤੀ ਹੈ, ਜਦਕਿ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ |

ਪਿਛਲੀ ਖ਼ਬਰ ਜੌਣੇਕੇ ਵਲੋਂ ਪਰਿਵਾਰ ਸਮੇਤ ਐਸ.ਐਸ.ਪੀ. ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ <br/> ਅਗਲੀ ਖ਼ਬਰ ਰਮਨੀਕ ਸਿੰਘ ਖੇੜਾ ਪਰਿਵਾਰ ਅਤੇ ਸੈਂਕੜੇ ਸਮਰਥਕਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।