23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ ਤੋਂ ਤਰਨ ਤਾਰਨ ਪਹੁੰਚਿਆ <br/>

ਅਜੀਤ ਡੈਸਕ 06-11-2025
ਤਰਨ ਤਾਰਨ/ ਗੋਇੰਦਵਾਲ ਸਾਹਿਬ, 5 ਨਵੰਬਰ (ਹਰਿੰਦਰ ਸਿੰਘ, ਸਕੱਤਰ ਸਿੰਘ ਅਟਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ 'ਚ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ | ਰਸਤੇ ਵਿਚ ਜਿਥੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ, ਉਥੇ ਖਡੂਰ ਸਾਹਿਬ ਵਿਖੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਨੇ ਵੀ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ | ਸਾਰੇ ਰਸਤੇ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ | ਨਗਰ ਕੀਰਤਨ ਦੇ ਤਰਨ ਤਾਰਨ ਪੁੱਜਣ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸਵਾਗਤ ਕੀਤਾ ਗਿਆ | ਭਲਕੇ 6 ਨਵੰਬਰ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਛੇਹਰਟਾ ਸਾਹਿਬ ਜਾਵੇਗਾ | ਨਗਰ ਕੀਰਤਨ 'ਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਬਲਵਿੰਦਰ ਸਿੰਘ ਵੇਈਾਪੂਈਾ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਇੰਚਾਰਜ ਬਲਜੀਤ ਸਿੰਘ, ਚੀਫ ਜਗਦੀਸ਼ ਸਿੰਘ ਬੁੱਟਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਗੁਰਾ ਸਿੰਘ, ਵਧੀਕ ਮੈਨੇਜਰ ਸਰਬਜੀਤ ਸਿੰਘ, ਨਿਰਮਲਜੀਤ ਸਿੰਘ ਕਾਹਲਵਾਂ, ਪ੍ਰਚਾਰਕ ਭਾਈ ਹਰਜੀਤ ਸਿੰਘ, ਭਾਈ ਲਖਬੀਰ ਸਿੰਘ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਨੂੰ ਤਲਬ ਨਾ ਕਰਨ ਦੀ ਅਪੀਲ ਅਗਲੀ ਖ਼ਬਰ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਤੇ ਖ਼ਰਚਾ ਅਬਜ਼ਰਵਰ ਵਲੋਂ ਨੋਡਲ ਅਫ਼ਸਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।