ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰਾਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ, ਜਦਕਿ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਰਿਵਾਇਤੀ ਪਾਰਟੀਆਂ ਕੋਲ ਲੋਕਾਂ ਨੂੰ ਦੱਸਣ ਲਈ ਕੁੱਝ ਨਹੀਂ ਹੈ, ਇਸ ਲਈ ਉਹ ਸਮਾਜ ਨੂੰ ਤੋੜਨ ਵਾਲੀ ਨਕਾਰਾਤਮਕ ਰਾਜਨੀਤੀ ਕਰ ਰਹੀਆਂ ਹਨ | ਇੱਥੇ ਜਾਰੀ ਇਕ ਬਿਆਨ ਵਿਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾਂ 'ਖਜ਼ਾਨਾ ਖਾਲੀ' ਹੋਣ ਦਾ ਰੋਣਾ ਰੋਂਦੀਆਂ ਸਨ, ਕਿਉਂਕਿ ਉਨ੍ਹਾਂ ਦੀ ਨੀਅਤ 'ਚ ਖੋਟ ਸੀ | ਉਹ ਖੁਦ ਚੋਰ ਬਣੇ ਬੈਠੇ ਸਨ, ਇਸ ਲਈ ਨਾ ਜੀ.ਐਸ.ਟੀ. ਵਧਿਆ ਨਾ ਟੈਕਸ | 'ਆਪ' ਸਰਕਾਰ ਨੇ ਤਿੰਨ ਸਾਲਾਂ ਵਿਚ ਹੀ ਕਾਂਗਰਸ-ਅਕਾਲੀਆਂ ਦੇ ਪੰਜ-ਪੰਜ ਸਾਲਾਂ ਨਾਲੋਂ ਵੱਧ ਮਾਲੀਆ ਇਕੱਠਾ ਕੀਤਾ ਹੈ ਅਤੇ ਉਸਨੂੰ ਲੋਕਾਂ 'ਤੇ ਖਰਚ ਵੀ ਕੀਤਾ ਹੈ | ਚੀਮਾ ਨੇ ਸਵਾਲ ਕੀਤਾ ਕਿ ਜੇ ਖਜ਼ਾਨਾ ਭਰ ਨਾ ਰਿਹਾ ਹੁੰਦਾ ਤਾਂ 56,000 ਨੌਕਰੀਆਂ ਕਿੱਥੋਂ ਦਿੱਤੀਆਂ ਜਾਂਦੀਆਂ? 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਚੀਮਾ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਦਾ ਥਰਮਲ ਪਲਾਂਟ, ਜਿਸ ਨੂੰ ਅਕਾਲੀ-ਭਾਜਪਾ ਸਰਕਾਰ ਨੇ ਪ੍ਰਾਈਵੇਟ ਹੱਥਾਂ 'ਚ ਵੇਚ ਦਿੱਤਾ ਸੀ, 'ਆਪ' ਸਰਕਾਰ ਨੇ ਹਿੰਮਤ ਦਿਖਾ ਕੇ ਉਸਨੂੰ ਵਾਪਸ ਖਰੀਦਿਆ ਅਤੇ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ | ਖਜ਼ਾਨਾ ਮੰਤਰੀ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਂਝੀਵਾਲਤਾ ਅਤੇ ਜਾਤ-ਪਾਤ ਨੂੰ ਖਤਮ ਕਰਨ ਦਾ ਸੰਦੇਸ਼ ਦਿੱਤਾ ਸੀ, ਪਰ ਕਾਂਗਰਸ ਪਾਰਟੀ ਗੈਰ-ਸੰਵਿਧਾਨਕ ਭਾਸ਼ਾ ਦੀ ਵਰਤੋਂ ਕਰਕੇ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਕੇ ਉਸ ਸਾਂਝ ਨੂੰ ਤੋੜਨ ਦਾ ਯਤਨ ਕਰ ਰਹੀ ਹੈ, ਜਿਸਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਗੁੰਡਾਗਰਦੀ ਅਤੇ ਗੈਂਗਸਟਰਵਾਦ ਨੂੰ ਸ਼ਹਿ ਦੇਣ ਦਾ ਰਿਹਾ ਹੈ | ਹਰਪਾਲ ਚੀਮਾ ਨੇ ਕਿਹਾ ਕਿ ਅੱਜ ਤਰਨ ਤਾਰਨ ਦੇ ਲੋਕ ਸਿਰਫ਼ ਵਿਕਾਸ ਚਾਹੁੰਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਕਾਸ ਦੀ ਲੜੀ ਨੂੰ ਜਾਰੀ ਰੱਖਣ ਲਈ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ |