ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਦਾ ਅਣਪਛਾਤੇ ਪੁਲਿਸ ਮੁਲਾਜ਼ਮਾਂ ਨੇ ਪਿੱਛਾ ਕੀਤਾ ਅਤੇ ਇਸ ਮਾਮਲੇ 'ਚ ਉਨ੍ਹਾਂ ਸੰਬੰਧਿਤ ਪੁਲਿਸ ਕਰਮਚਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਆਪਣੀ ਲਿਖਤੀ ਸ਼ਿਕਾਇਤ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਬੀਤੇ ਦਿਨ ਤਰਨ ਤਾਰਨ ਵਿਚ ਇਕ ਗੰਭੀਰ ਤੇ ਹੈਰਾਨ ਕਰਨ ਵਾਲੀ ਘਟਨਾ ਵਾਪਰੀ, ਜਿਸ ਵਿਚ ਪੁਲਿਸ ਅਥਾਰਟੀ ਦੀ ਦੁਰਵਰਤੋਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਸਪਸ਼ਟ ਨਜ਼ਰ ਆਈ | ਪਾਰਟੀ ਨੇ ਕਿਹਾ ਕਿ ਦੋ ਅਣਪਛਾਤੇ ਲੋਕ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਦੀ ਪੁੱਤਰੀ ਦਾ ਪਿੱਛਾ ਕਰਦੇ ਨਜ਼ਰ ਆਏ | ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਦੋਵਾਂ ਨੂੰ ਆਮ ਲੋਕਾਂ ਨੇ ਰੋਕਿਆ ਤਾਂ ਇਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਪੁਲਿਸ ਅਧਿਕਾਰੀ ਹਨ, ਜਿਹਨਾਂ ਦੀ ਡਿਊਟੀ ਅਧਿਕਾਰੀਆਂ ਨੇ ਲਗਾਈ ਹੈ | ਉਨ੍ਹਾਂ ਕਿਹਾ ਕਿ ਇਹ ਲੋਕ ਕੋਈ ਵੀ ਲਿਖਤੀ ਹੁਕਮ ਵਿਖਾਉਣ ਵਿਚ ਨਾਕਾਮ ਰਹੇ | ਇਹ ਵੀ ਪਾਇਆ ਗਿਆ ਕਿ ਜਿਹੜਾ ਵਾਹਨ ਇਹ ਵਰਤ ਰਹੇ ਸਨ, ਉਹ ਇਕ ਪ੍ਰਾਈਵੇਟ ਕਾਰ ਸੀ, ਜਿਸਦੀ ਨੰਬਰ ਪਲੇਟ ਵੀ ਜਾਅਲੀ ਸੀ ਜਿਸ ਤੋਂ ਮਾਮਲੇ ਦੇ ਕਾਨੂੰਨੀ ਪਹਿਲੂ ਬਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ | ਉਨ੍ਹਾਂ ਕਿਹਾ ਕਿ ਦੋਵੇਂ ਮੁਲਾਜ਼ਮ ਵਰਦੀ ਵਿਚ ਨਹੀਂ ਸਨ, ਜੋ ਹੋਰ ਵੀ ਸ਼ੰਕੇ ਖੜ੍ਹੇ ਕਰਦੇ ਹਨ | ਸਾਰੀ ਘਟਨਾ ਦੀ ਮੌਕੇ 'ਤੇ ਮੌਜੂਦ ਲੋਕਾਂ ਨੇ ਵੀਡੀਓ ਬਣਾਈ | ਉਨ੍ਹਾਂ ਸਪੱਸ਼ਟ ਤੌਰ 'ਤੇ ਇਹ ਮਾਮਲਾ ਅਕਾਲੀ ਦਲ ਦੇ ਉਮੀਦਵਾਰ ਅਤੇ ਉਨ੍ਹਾਂ ਦੀ ਪਰਿਵਾਰਕ ਮੈਂਬਰਾਂ ਨੂੰ ਡਰਾਉਣ ਅਤੇ ਧਮਕਾਉਣ ਦਾ ਹੈ, ਜੋ ਸਰਕਾਰੀ ਮਸ਼ੀਨਰੀ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ |