ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਭਾਜਪਾ ਅਤੇ ਕਾਂਗਰਸ ਨਾਲ ਜੁੜੇ ਕਈ ਸਥਾਨਕ ਆਗੂ 'ਆਪ' ਵਿਚ ਸ਼ਾਮਿਲ ਹੋ ਗਏ | ਭਾਜਪਾ ਤੋਂ ਨਗਰ ਨਿਗਮ ਚੋਣਾਂ ਲੜ ਚੁੱਕੇ ਬਾਬਾ ਬਿਕਰਾਂਤ, ਕਾਂਗਰਸ ਤੋਂ ਨਗਰ ਨਿਗਮ ਚੋਣਾਂ ਲੜਨ ਵਾਲੇ ਹਰਪ੍ਰੀਤ ਸਿੰਘ ਅਤੇ ਸਥਾਨਕ ਪ੍ਰਮੁੱਖ ਸ਼ਖ਼ਸੀਅਤ ਮਨਜੀਤ ਕੌਰ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਅਤੇ ਪਾਰਟੀ ਪ੍ਰਤੀ ਆਪਣਾ ਸਮਰਥਨ ਪ੍ਰਗਟ ਕੀਤਾ | ਸੰਸਦ ਮੈਂਬਰ ਮੀਤ ਹੇਅਰ ਨੇ ਕੈਬਨਿਟ ਮੰਤਰੀ ਡਾ. ਰਵਜੋਤ, ਵਿਧਾਇਕ ਗੁਰਦੀਪ ਰੰਧਾਵਾ, ਵਿਜੇ ਸਿੰਗਲਾ, ਗੁਰਪ੍ਰੀਤ ਜੀ.ਪੀ. ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ | ਪਾਰਟੀ ਆਗੂਆਂ ਨੇ ਸਾਰੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਦੀ ਵਿਚਾਰਧਾਰਾ ਨਾਲ ਜੁੜਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਇਨ੍ਹਾਂ ਸਾਰੇ ਆਗੂਆਂ ਦੇ ਸ਼ਾਮਿਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਜਨਤਾ ਹੁਣ ਸਾਫ਼-ਸੁਥਰੀ ਰਾਜਨੀਤੀ ਨੂੰ ਅਪਣਾ ਰਹੀ ਹੈ | ਸਾਨੂੰ ਵਿਸ਼ਵਾਸ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਇਸ ਜ਼ਿਮਨੀ ਚੋਣ ਵਿਚ ਵੱਡੇ ਫਰਕ ਨਾਲ ਜਿੱਤਣਗੇ | ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਉਨ੍ਹਾਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ, ਜਿਨ੍ਹਾਂ ਨੇ ਪੰਜਾਬ ਨੂੰ ਸਾਲਾਂ ਤੋਂ ਲੁੱਟਿਆ ਅਤੇ ਬਰਬਾਦ ਕੀਤਾ ਹੈ | ਆਮ ਆਦਮੀ ਪਾਰਟੀ ਵਿਕਾਸ, ਪਾਰਦਰਸ਼ਤਾ ਅਤੇ ਜਨਤਕ ਸੇਵਾ ਦੇ ਰਾਹ 'ਤੇ ਚੱਲਦਿਆਂ ਲੋਕਾਂ ਦੀਆਂ ਉਮੀਦਾਂ ਦੀ ਪਾਰਟੀ ਬਣ ਗਈ ਹੈ | ਸਾਰੇ ਨਵੇਂ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੂਰਾ ਵਿਸ਼ਵਾਸ ਪ੍ਰਗਟ ਕੀਤਾ ਅਤੇ ਪਾਰਟੀ ਦੇ 'ਰੰਗਲਾ ਪੰਜਾਬ' ਦੇ ਮਿਸ਼ਨ ਨੂੰ ਅੱਗੇ ਵਧਾਉਣ ਦਾ ਵਾਅਦਾ ਕੀਤਾ |