ਤਰਨ ਤਾਰਨ, 7 ਨਵੰਬਰ (ਇਕਬਾਲ ਸਿੰਘ ਸੋਢੀ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ ਦੀ ਅਗਵਾਈ ਹੇਠ ਸੂਬਾਈ ਵਫ਼ਦ ਦੇ ਮੈਂਬਰ ਵੱਡੀ ਗਿਣਤੀ ਵਿਚ ਸਥਾਨਕ ਗਾਂਧੀ ਪਾਰਕ ਤਰਨ ਤਾਰਨ ਵਿਖੇ ਇਕੱਠੇ ਹੋਏ | ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੋਰਚੇ ਦੇ ਬੁਲਾਰਿਆਂ ਵਲੋਂ ਭਗਵੰਤ ਮਾਨ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ ਮਟੌਲ ਦੀ ਨੀਤੀ ਦੇ ਰੋਸ ਵਜੋਂ ਤਰਨ ਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਤੋਂ ਪੈਨਸ਼ਨ ਲਾਗੂ ਨਾ ਕਰਨ ਦਾ ਸਵਾਲ ਪੁੱਛਣ ਲਈ ਇਕੱਠੇ ਹੋਏ ਹਨ | ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਦੀ ਪੰਜਾਬ ਸਰਕਾਰ 'ਤੇ ਮੁਲਾਜ਼ਮਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2021 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਐਨ.ਪੀ.ਐਸ. ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੋਂ ਬਾਅਦ 01-01-2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ, ਪਰ ਸਰਕਾਰ ਦੇ ਸਾਢੇ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇਕ ਵੀ ਮੁਲਾਜ਼ਮ ਦਾ ਜੀ.ਪੀ.ਐੱਫ. ਖਾਤਾ ਨਹੀਂ ਖੋਲਿ੍ਹਆ ਹੈ | ਜਦਕਿ ਰਾਜਸਥਾਨ, ਛੱਤੀਸਗੜ੍ਹ, ਝਾੜਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਵਲੋਂ ਨਵੀਂਾ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ | ਆਗੂਆਂ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੂਜੇ ਰਾਜਾਂ ਵਿਚ ਜਾ ਕੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਪ੍ਰਚਾਰ ਤਾਂ ਜ਼ੋਰ ਸ਼ੋਰ ਨਾਲ ਕਰਦੇ ਹਨ, ਪਰ ਦੂਜੇ ਪਾਸੇ ਪੰਜਾਬ ਦੇ ਐਨ.ਪੀ.ਐਸ. ਮੁਲਾਜ਼ਮਾਂ ਨਾਲ ਬੇਈਮਾਨੀ ਵਾਲੀ ਨੀਤੀ ਤੇ ਚੱਲ ਰਹੇ ਹਨ, ਜਿਸ ਨਾਲ ਪੰਜਾਬ ਦੇ ਐਨ.ਪੀ.ਐਸ. ਮੁਲਾਜ਼ਮਾਂ ਵਿਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਵਲੋਂ ਇਹ ਵੀ ਦੋਸ਼ ਲਗਾਇਆ ਗਿਆ ਕਿ ਪੰਜਾਬ ਸਰਕਾਰ ਵਲੋਂ 18-11-2022 ਨੂੰ ਪੰਜਾਬ ਦੇ ਐਨ.ਪੀ.ਐਸ. ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ, ਪਰ ਪੰਜਾਬ ਸਰਕਾਰ ਸਰਮਾਏਦਾਰੀ ਨੀਤੀਆਂ ਉੱਪਰ ਚੱਲਦੇ ਹੋਏ ਆਪਣੇ ਦੁਆਰਾ ਕੀਤੇ ਗਏ ਨੋਟੀਫਿਕੇਸ਼ਨ ਨੂੰ ਹੀ ਲਾਗੂ ਕਰਨ ਤੋਂ ਡਰ ਰਹੀ ਹੈ | ਇਸ ਸਮੇਂ ਗੌਰਮਿੰਟ ਸਕੂਲ ਟੀਚਰਜ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨ. ਸਕੱਤਰ ਜਿੰਦਰ ਪਾਇਲਾਂ, ਅੰਮਿ੍ਤਪਾਲ ਬਾਕੀਪੁਰ, ਗੁਰਪ੍ਰੀਤ ਮਾੜੀਮੇਘਾ, ਨਰਿੰਦਰ ਨੂਰ, ਅਮਰਦੀਪ ਸਿੰਘ, ਬੇਅੰਤ ਸਿੰਘ, ਰੋਡਵੇਜ ਆਗੂ ਨਵਦੀਪ ਸਿੰਘ, ਕੁਲਵਿੰਦਰ ਸਿੰਘ ਸੁਰਿੰਦਰ ਸਿੰਘ ਮੋਗਾ ਆਦਿ ਹਾਜ਼ਰ ਸਨ | ਇਸ ਸਮੇਂ ਏ.ਡੀ.ਸੀ. ਜਨਰਲ ਤਰਨ ਤਾਰਨ ਨੇ ਧਰਨੇ ਵਿਚ ਆ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮਿਤੀ 10 ਨਵੰਬਰ 2025 ਨੂੰ ਮੀਟਿੰਗ ਦਾ ਪੱਤਰ ਸੌਂਪਿਆ ਗਿਆ |