ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਤਰਨ ਤਾਰਨ ਵਿਖੇ ਰੱਖੀ ਚੋਣ ਮੀਟਿੰਗ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਪਹੁੰਚੇ | ਇਸ ਮੌਕੇ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲਦੀਆਂ ਹਨ, ਜਿਸ ਨੂੰ 'ਆਪ' ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਬੰਦ ਕਰ ਦਿੱਤਾ, ਜਿਸ ਕਾਰਨ ਅੱਜ ਪੰਜਾਬ ਦੇ ਲੋਕ ਸਹੂਲਤਾਂ ਨੂੰ ਤਰਸ ਰਹੇ ਹਨ ਅਤੇ ਆਪਣੇ ਹੱਕ ਲੈਣ ਲਈ ਸੜਕਾਂ 'ਤੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ ਅਤੇ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ ਪਰ ਮੌਜੂਦਾ ਸਰਕਾਰ ਸਾਰਿਆੰ ਮੁੱਦਿਆਂ 'ਤੇ ਚੁੱਪੀਧਾਰੀ ਬੈਠੀ ਹੈ | ਉਨ੍ਹਾਂ ਤਰਨ ਤਾਰਨ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਵੋਟਾਂ ਪਾ ਕੇ ਇਸ ਹਲਕੇ ਤੋਂ ਜੇਤੂ ਬਣਾਉਣ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ | ਇਸ ਮੌਕੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਕਿਹਾ ਕਿ ਕਰਨਬੀਰ ਸਿੰਘ ਬੁਰਜ ਨੂੰ ਲੋਕਾਂ ਵਲੋਂ ਭਰਵਾਂ ਪਿਆਰ ਮਿਲ ਰਿਹਾ ਹੈ ਅਤੇ ਲੋਕਾਂ ਦੇ ਵੱਡੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ,ਕਿ ਲੋਕ ਕਾਂਗਰਸ ਨੂੰ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪੰਜਾਬ ਦੀ ਭਲਾਈ ਲਈ ਸੋਚਿਆ ਹੈ ਅਤੇ ਪੰਜਾਬ ਦੀ ਖੁਸ਼ਹਾਲੀ ਵੱਲ ਧਿਆਨ ਦਿੱਤਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਬਾਯ ਬਣਾਓ | ਇਸ ਮੌਕੇ ਲੋਕਾਂ ਨੇ ਕਾਂਗਰਸੀ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਕਾਂਗਰਸ ਦੇ ਹੱਕ ਵਿਚ ਆਪਣੀ ਵੋਟ ਦਾ ਇਸਤੇਮਾਲ ਕਰਕੇ ਕਰਨਬੀਰ ਸਿੰਘ ਬੁਰਜ ਨੂੰ ਜੇਤੂ ਬਣਾਉਣਗੇ |