ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਆਬਜ਼ਰਵਰ ਨੂੰ ਐੱਸ. ਐੱਸ. ਪੀ. ਡਾ. ਰਵਜੋਤ ਕੌਰ ਗਰੇਵਾਲ ਦੇ ਇਸ਼ਾਰੇ 'ਤੇ ਅਕਾਲੀ ਆਗੂਆਂ ਦੀ ਗ਼ੈਰ-ਕਾਨੂੰਨੀ ਹਿਰਾਸਤ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਹਲਕੇ ਤੋਂ ਐੱਸ.ਐੱਸ.ਪੀ. ਅਤੇ ਦੋ ਹੋਰ ਅਧਿਕਾਰੀਆਂ ਦੇ ਤਬਾਦਲੇ ਦੀ ਮੰਗ ਕੀਤੀ | ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਦੇ ਨਾਲ ਪਾਰਟੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਤੇ ਸੀਨੀਅਰ ਲੀਡਰਸਸ਼ਿਪ ਵੀ ਮੌਜੂਦ ਸੀ ਨੇ ਦਾਅਵਾ ਕੀਤਾ ਕਿ ਐੱਸ. ਐੱਸ. ਪੀ. ਦੇ ਨਾਲ-ਨਾਲ ਐੱਸ.ਪੀ. (ਡੀ.) ਰਿਪੁਤਾਪਨ ਸਿੰਘ ਅਤੇ ਸੀ.ਆਈ.ਏ. ਸਟਾਫ਼ ਇੰਚਾਰਜ ਪ੍ਰਭਜੀਤ ਸਿੰਘ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਅਕਾਲੀ ਵਰਕਰਾਂ 'ਤੇ ਗੈਰ-ਕਾਨੂੰਨੀ ਛਾਪੇਮਾਰੀ ਕਰ ਰਹੇ ਹਨ ਅਤੇ ਉਨ੍ਹਾਂ ਦੇ ਆਚਰਣ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ | ਪਿ੍ੰਸੀਪਲ ਰੰਧਾਵਾ ਨੇ ਕਿਹਾ ਕਿ ਵਾਰਡ ਨੰਬਰ-14 ਦੇ ਅਕਾਲੀ ਦਲ ਦੇ ਨਗਰ ਕੌਂਸਲਰਾਂ ਸ਼ਾਮ ਸਿੰਘ, ਸਰਪੰਚ ਵਰਿੰਦਰ ਸਿੰਘ ਅਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੂੰ ਗ਼ੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿਚ ਲਿਆ ਗਿਆ ਸੀ ਤੇ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਨ੍ਹਾਂ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਸਮਰਥਨ ਨਾ ਦਿੱਤਾ ਤਾਂ ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਬਾਅਦ ਵਿਚ ਵੱਖ-ਵੱਖ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਉਨ੍ਹਾਂ ਨੂੰ ਹਲਕੇ ਤੋਂ ਚੁੱਕ ਕੇ ਲੈ ਗਈਆਂ | ਅਕਾਲੀ ਉਮੀਦਵਾਰ ਨੇ ਕਿਹਾ ਕਿ ਪਹਿਲਾਂ ਐੱਸ. ਐੱਸ. ਪੀ. ਨੇ ਉਸ ਦੀ ਬੇਟੀ ਕੰਚਨਪ੍ਰੀਤ ਕੌਰ ਅਤੇ ਹੋਰਾਂ ਵਿਰੁੱਧ ਝੂਠੀ ਐੱਫ.ਆਈ.ਆਰ. ਦਰਜ ਕਰਵਾਈ ਸੀ, ਜਿਸ ਵਿਚ ਉਨ੍ਹਾਂ ਨੂੰ ਅਦਾਲਤ ਵਲੋਂ ਅੰਤਰਿਮ ਰਾਹਤ ਦਿੱਤੀ ਗਈ ਸੀ | ਉਸਨੇ ਕਿਹਾ ਕਿ ਹਾਲ ਹੀ ਵਿਚ ਦੋ ਅਣਪਛਾਤੇ ਵਿਅਕਤੀਆਂ ਨੇ ਜਾਅਲੀ ਨੰਬਰ ਪਲੇਟਾਂ ਵਾਲੀ ਕਾਰ ਵਿਚ ਕੰਚਨਪ੍ਰੀਤ ਦਾ ਪਿੱਛਾ ਕੀਤਾ ਸੀ, ਜਿਸ ਤੋਂ ਬਾਅਦ ਜਨਤਾ ਨੇ ਉਨ੍ਹਾਂ ਨੂੰ ਰੋਕਿਆ | ਉਸਨੇ ਕਿਹਾ ਕਿ ਅਣਪਛਾਤੇ ਵਿਅਕਤੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸੀਨੀਅਰ ਪੁਲਿਸ ਅਧਿਕਾਰੀਆਂ ਦੁਆਰਾ ਇਸ ਕੰਮ ਲਈ ਨਿਯੁਕਤ ਕੀਤਾ ਗਿਆ ਸੀ | ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਡਾ. ਰਵਜੋਤ ਗਰੇਵਾਲ ਅਤੇ ਉਨ੍ਹਾਂ ਦੇ ਦੋ ਹੋਰ ਅਧਿਕਾਰੀ 'ਆਪ' ਉਮੀਦਵਾਰ ਹਰਮੀਤ ਸੰਧੂ ਦਾ ਸਮਰਥਨ ਕਰਨ ਲਈ ਹੱਦੋਂ ਵੱਧ ਜਾ ਰਹੇ ਸਨ, ਜਿਨ੍ਹਾਂ ਦਾ ਨਿੱਜੀ ਸਹਾਇਕ ਐੱਸ.ਐੱਸ.ਪੀ. ਦਾ ਰਿਸ਼ਤੇਦਾਰ ਸੀ | ਉਨ੍ਹਾਂ ਕਿਹਾ ਕਿ ਅਜਿਹੇ ਖੁੱਲ੍ਹੇਆਮ ਪੱਖਪਾਤੀ ਵਿਵਹਾਰ ਨੇ ਚੋਣਾਂ ਦੌਰਾਨ ਪੁਲਿਸ ਫੋਰਸ ਤੋਂ ਉਮੀਦ ਕੀਤੀ ਜਾਂਦੀ ਨਿਰਪੱਖਤਾ ਦੀ ਉਲੰਘਣਾ ਕੀਤੀ ਹੈ ਅਤੇ ਇਹ ਪ੍ਰਭਾਵ ਪੈਦਾ ਕੀਤਾ ਹੈ ਕਿ ਜਦੋਂ ਤੱਕ ਇਹ ਅਧਿਕਾਰੀ ਕਮਾਨ ਸੰਭਾਲਦੇ ਹਨ, ਆਜ਼ਾਦ ਤੇ ਨਿਰਪੱਖ ਚੋਣਾਂ ਨਹੀਂ ਹੋ ਸਕਦੀਆਂ | ਇਸ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਕਿਵੇਂ ਐੱਸ.ਪੀ. (ਡੀ.) ਰਿਪੁਤਾਪਨ ਸਿੰਘ ਅਤੇ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਤਰਨ ਤਾਰਨ ਵਿਚ ਲੰਬੇ ਸਮੇਂ ਤੋਂ ਤਾਇਨਾਤ ਕੀਤਾ ਗਿਆ ਸੀ | ਇਸ ਵਿਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਵੀ ਉਨ੍ਹਾਂ ਨੂੰ ਹਲਕੇ ਤੋਂ ਬਾਹਰ ਤਬਦੀਲ ਕਰਨ ਦੀ ਅਪੀਲ ਕੀਤੀ ਸੀ, ਪਰ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ |