ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਵਿਚ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਜਿੱਥੇ ਹਲਕੇ ਦੀ ਸੰਗਤ ਨੇ ਪੂਰਾ ਸਮਰਥਨ ਦਿੱਤਾ ਹੈ, ਉੱਥੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਕੱਲ੍ਹ ਦੇ ਰੋਡ ਸ਼ੋਅ ਵਿਚ ਸ਼ਾਮਿਲ ਹੋ ਰਹੇ ਹਨ | ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਤੋਂ ਹਰ ਵਰਗ ਦੁਖੀ ਹੈ | ਬਦਲਾਅ ਦੇ ਨਾਂਅ 'ਤੇ ਵੋਟਾਂ ਬਟੋਰਨ ਵਾਲੀ ਆਮ ਆਦਮੀ ਪਾਰਟੀ ਅੱਜ ਆਪਣੇ ਸਾਰੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ | ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਅੱਜ ਹਰ ਰੋਜ ਦਿਨ ਦਿਹਾੜੇ ਕਤਲ ਦੀਆਂ ਵਾਰਦਾਤਾਂ ਆਮ ਘਟਨਾਵਾਂ ਬਣ ਚੁੱਕੀਆਂ ਹਨ | ਕਰਨੈਲ ਸਿੰਘ ਪੀਰ ਮੁਹੰਮਦ ਨੇ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਨੂੰ ਨਾਲ ਲੈ ਕੇ 11 ਨਵੰਬਰ ਨੂੰ ਆਪਣੇ ਕੀਮਤੀ ਵੋਟ ਦਾ ਇਸਤੇਮਾਲ ਬਾਲਟੀ ਚੋਣ ਨਿਸ਼ਾਨ ਦੇ ਹੱਕ ਵਿਚ ਕਰਨ | ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਖੋਲੇ੍ਹ ਗਏ ਦਫ਼ਤਰ ਤੋਂ ਅੱਠ ਨਵੰਬਰ ਨੂੰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਕੱਢੇ ਜਾਣ ਵਾਲੇ ਰੋਡ ਸ਼ੋਅ ਦੇ ਸੰਬੰਧ ਵਿਚ ਸਾਥੀਆਂ ਸਮੇਤ ਸ਼ਾਮਿਲ ਹੋਣਗੇ |